ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਚੰਡੀਗੜ੍ਹ PGI ਤੋਂ ਮਿਲੀ ਛੁੱਟੀ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅੱਜ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੋਬਾਇਲ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਬਲਕੌਰ ਸਿੰਘ ਦਾ ਪੀ. ਜੀ. ਆਈ. ਚੰਡੀਗੜ੍ਹ 'ਚ ਇਲਾਜ ਚੱਲ ਰਿਹਾ ਹੈ। ਇੰਨੀ ਛੋਟੀ ਉਮਰ 'ਚ ਇਕਲੌਤੇ ਬੱਚੇ ਦਾ ਵਿਛੋੜਾ ਮਾਪਿਆਂ ਲਈ ਸਹਿਣਾ ਬਹੁਤ ਔਖਾ ਹੁੰਦਾ ਹੈ। ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਨੂੰ ਤਾਕਤ ਅਤੇ ਚੰਗੀ ਸਿਹਤ ਬਖਸ਼ਣ।
ਦੱਸ ਦੇਈਏ ਕਿ ਪਿਛਲੇ ਦਿਨੀਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਐੱਮ. ਪੀ. ਪ੍ਰਨੀਤ ਕੌਰ ਨੇ ਵੀ ਬਲਕੌਰ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਜਾਣਿਆ ਸੀ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਅਨੁਸਾਰ ਦੋ ਦਿਨ ਪਹਿਲਾਂ ਬਲਕੌਰ ਸਿੰਘ ਦੇ ਤਿੰਨ ਸਟੈਂਟ ਪਾਏ ਗਏ ਹਨ। ਉਹ ਹੁਣ ਬਿਲਕੁਲ ਠੀਕ ਹਨ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਪਲਾਸਟਿਕ ਲਿਫ਼ਾਫਿਆਂ 'ਤੇ ਸਾਰੇ ਸੂਬਿਆਂ 'ਚ ਇਕਸਾਰ ਪਾਬੰਦੀ ਲਗਾਵੇ: ਮੀਤ ਹੇਅਰ
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਨੇ ਵੀ ਉਨ੍ਹਾਂ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਲੰਘੀ 16 ਸਤੰਬਰ ਨੂੰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਤੋਂ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਸੀ।
ਉਸੇ ਦਿਨ ਤੋਂ ਚੰਡੀਗੜ੍ਹ ਪੁਲਿਸ ਨੇ ਵੀ ਪੀ.ਜੀ.ਆਈ. ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ।
-PTC News