ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਇੰਸਟਾਗ੍ਰਾਮ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ, 21 ਜੁਲਾਈ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੰਸਟਾਗ੍ਰਾਮ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਿੰਘ ਨੂੰ ਇਹ ਧਮਕੀ ਪਾਕਿਸਤਾਨ ਤੋਂ ਮਿਲੀ ਹੈ ਜਿਸ ਵਿਚ ਕਿਹਾ ਗਿਆ ਕਿ ਹੁਣ 'ਅਗਲਾ ਨੰਬਰ ਬਾਪੂ ਦਾ'। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੇ ਪਿਤਾ ਨੇ ਪੁਲਿਸ ਨੂੰ ਧਮਕੀ ਦੀ ਸੂਹ ਦੇ ਦਿੱਤੀ ਹੈ ਅਤੇ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨ ਦੇ ਇਕ ਨੰਬਰ ਤੋਂ ਇੰਸਟਾਗ੍ਰਾਮ 'ਤੇ ਧਮਕੀ ਭਰਿਆ ਸੰਦੇਸ਼ ਮਿਲਿਆ ਹੈ। ਹਾਸਿਲ ਜਾਣਕਾਰੀ ਮੁਤਾਬਕ ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਦੱਸਣਯੋਗ ਹੈ ਕਿ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮਾਨਸਾ ਵਿੱਚ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਦੇ ਨਾਲ ਹੀ ਹੁਣ ਉਸ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਮੂਸੇਵਾਲਾ ਦੇ ਪਿਤਾ ਧਮਕੀ ਮਿਲਣ ਤੋਂ ਬਾਅਦ ਕੁਝ ਦਿਨਾਂ ਲਈ ਪਿੰਡ ਤੋਂ ਬਾਹਰ ਚਲੇ ਗਏ ਹਨ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ ਦੇ ਸਟੋਰੀ ਸੈਕਸ਼ਨ ਵਿੱਚ ਦਿੱਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਦਿਨਾਂ ਲਈ ਪਿੰਡ ਵਿੱਚ ਨਹੀਂ ਹਨ ਅਤੇ ਉਨ੍ਹਾਂ ਨੂੰ ਮਿਲਣ ਵਾਲੇ ਨਿਰਾਸ਼ ਨਾ ਹੋਣ। ਮੂਸੇਵਾਲਾ ਦੇ ਪਿਤਾ ਵੱਲੋਂ ਹਸਪਤਾਲ ਦਾ ਦੌਰਾ ਅੰਮ੍ਰਿਤਸਰ ਦੇ ਪਿੰਡ ਹੁਸ਼ਿਆਰ ਨਗਰ ਵਿੱਚ ਪੰਜਾਬ ਪੁਲਿਸ ਨਾਲ ਮੁਕਾਬਲੇ ਵਿੱਚ ਦੋ ਗੈਂਗਸਟਰਾਂ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮੁਲਜ਼ਮਾਂ ਦੀ ਪਛਾਣ ਕਰਨ ਲਈ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਪਹੁੰਚੇ ਸਨ। ਲਾਸ਼ਾਂ ਦੀ ਸ਼ਨਾਖਤ ਕਰਨ ਤੋਂ ਬਾਅਦ ਬਲਕੌਰ ਸਿੰਘ ਨੇ ਕਿਹਾ ਕਿ “ਪੰਜਾਬ ਪੁਲਿਸ ਨੇ ਵਧੀਆ ਕੰਮ ਕੀਤਾ ਹੈ। ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰਹਿਣੀ ਚਾਹੀਦੀ ਹੈ। ਇਹ ਸਿਰਫ਼ ਇੱਕ ਸ਼ੁਰੂਆਤ ਹੈ। ਇਹ ਇੱਕ ਲੰਬੀ ਲੜਾਈ ਹੈ।'' -PTC News