ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗ੍ਰਹਿ ਮੰਤਰੀ ਤੋਂ ਕੇਂਦਰੀ ਏਜੰਸੀ ਕੋਲੋਂ ਜਾਂਚ ਕਰਵਾਉਣ ਦੀ ਕੀਤੀ ਮੰਗ
ਮਾਨਸਾ : ਬੀਤੇ ਦਿਨੀਂ ਮਾਨਸਾ ਦੇ ਜਵਾਹਰਕੇ ਵਿਖੇ ਕਤਲ ਕੀਤੇ ਗਏ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਅਜਿਹਾ ਕਿਸੇ ਨਾਲ ਨਾ ਹੋਵੇ, ਇਸ ਲਈ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈ ਕੇ ਆਪਣੀ ਲੋਕਪ੍ਰਿਅਤਾ ਲੈਣ ਦਾ ਕੰਮ ਕੀਤਾ ਗਿਆ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਨੇ ਜਲਦੀ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
ਮੂਸੇਵਾਲਾ ਕਤਲ ਮਾਮਲੇ ਚ NIA ਜਾਂਚ ਕਰ ਸਕਦੀ ਹੈ। ਇਸ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਵਿਦੇਸ਼ੀ ਹਥਿਆਰ ਵਰਤੇ ਜਾਣ ਖ਼ਦਸ਼ੇ ਦੇ ਮਾਮਲੇ ਉਤੇ ਕੇਂਦਰ NIA ਤੋਂ ਜਾਂਚ ਕਰਵਾ ਸਕਦਾ ਹੈ। ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਵੀ ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਫੋਨ ਉਤੇ ਦੁੱਖ ਸਾਂਝਾ ਕੀਤਾ ਤੇ ਉਨ੍ਹਾਂ ਨੇ ਜਲਦ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਲਦ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਮਾਨ ਨੇ ਕਿਹਾ ਕਿ ਨੌਜਵਾਨ ਪੁੱਤ ਚਲੇ ਜਾਣ ਦਾ ਦੁੱਖ ਸਮਝਦਾ ਹਾਂ। ਜਲਦੀ ਹੀ ਸਾਰੇ ਦੋਸ਼ੀ ਹਿਰਾਸਤ ਵਿੱਚ ਹੋਣਗੇ। ਪਰਿਵਾਰ ਨੂੰ ਭਰੋਸਾ ਦਿੱਤਾ ਕਿ ਹਰ ਪਲ ਰਿਪੋਰਟ ਲਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਕਾਰਨ ਹਰ ਕੋਈ ਰੋਸ ਵਿੱਚ ਹੈ ਅਤੇ ਇਨਸਾਫ਼ ਲਈ ਰੈਲੀਆਂ ਤੇ ਕੈਂਡਲ ਮਾਰਚ ਕੱਢੇ ਜਾ ਰਹੇ ਹਨ। ਆਮ ਆਦਮੀ ਪਾਰਟੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ, ਖੁਦਕੁਸ਼ੀ ਦਾ ਖਦਸ਼ਾ