ਸਿੱਖ ਜਥੇਬੰਦੀਆਂ ਵਲੋਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਜ਼ਬਰਦਸਤ ਵਿਰੋਧ
ਅੰਮ੍ਰਿਤਸਰ: ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਲੀਆਂ ਝੰਡਿਆਂ ਵਿਖਾ ਵਿਰੋਧ ਕੀਤਾ ਗਿਆ। ਇਸੀ ਦੇ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਦਾ ਵੀ ਜ਼ਬਰਦਸਤ ਵਿਰੋਧ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਕੋਰੋਨਾ ਨੇ ਫੜੀ ਰਫ਼ਤਾਰ: 13 ਦਿਨਾਂ 'ਚ 387 ਲੋਕਾਂ ਦੀ ਹੋਈ ਮੌਤ
ਇਸਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕੀਤੀ ਹੈ। ਪ੍ਰੋ ਭੁੱਲਰ ਜੋ ਕਿ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਪਿਛਲੇ ਕਾਫੀ ਲੰਬੇ ਸਮੇਂ ਤੋਂ ਦਿਨ ਕੱਟ ਰਹੇ ਹਨ ਉਨ੍ਹਾਂ ਦੀ ਸਾਰੀ ਜਵਾਨੀ ਜੇਲ੍ਹ ਵਿੱਚ ਹੀ ਗੁਜਰ ਗਈ ਹੈ। ਭਾਵੇਂ ਸਰਕਾਰ ਵੱਲੋਂ ਸਮੇਂ ਸਮੇਂ ਤੇ ਉਨ੍ਹਾਂ ਨੂੰ ਪੈਰੋਲ 'ਤੇ ਭੇਜਿਆ ਜਾ ਰਿਹਾ ਹੈ ਪਰੰਤੂ ਪੱਕੇ ਤੋਰ ਤੇ ਰਿਹਾਅ ਨਹੀਂ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਵੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ ਸਰਕਾਰ ਦੇ ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਨਾਂਹਪੱਖੀ ਰਵੱਈਏ ਦੀ ਕਰੜੀ ਆਲੋਚਨਾ ਕਰਦਿਆਂ ਭਾਰਤ ਸਰਕਾਰ ਪਾਸੋਂ ਇਸ ਮਾਮਲੇ ਵਿਚ ਦਖ਼ਲ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: ਚੋਣ ਕਮਿਸ਼ਨ ਦਾ ਵੱਡਾ ਫੈਸਲਾ, 10 ਫਰਵਰੀ ਤੋਂ 7 ਮਾਰਚ ਤੱਕ ਐਗਜ਼ਿਟ ਪੋਲ 'ਤੇ ਲੱਗੀ ਪਾਬੰਦੀ
ਇਸੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐੱਚ.ਐੱਸ. ਬੈਂਸ ਨੇ ਵੀ ਹਾਲਹੀ ਵਿੱਚ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਕੇਜਰੀਵਾਲ ਨੂੰ ਬਹਿਸ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਸੀ ਵੀ ਪ੍ਰੋ ਭੁੱਲਰ ਦੀ ਰਿਹਾਈ ਨੂੰ ਲੈਕੇ ਕੇਜਰੀਵਾਲ ਵੱਲੋਂ ਝੂਠ ਬੋਲਿਆ ਗਿਆ ਹੈ। ਉਨ੍ਹਾਂ ਕਿਹਾ ਵੀ ਸੁਪਰੀਮ ਕੋਰਟ ਨੇ ਪ੍ਰੋ ਭੁੱਲਰ ਦੀ ਰਿਹਾਈ ਦੇ ਹੁਕਮ ਦਿੱਤੇ ਸਨ।
-PTC News