ਗਾਇਕ ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ
ਚੰਡੀਗੜ੍ਹ : ਗਾਇਕ ਦਲੇਰ ਮਹਿੰਦੀ ਨੂੰ ਫਿਲਹਾਲ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਗਾਇਕ ਦਲੇਰ ਮਹਿੰਦੀ ਨੇ ਹਾਈ ਕੋਰਟ ਵਿੱਚ ਸਜ਼ਾ ਟਾਲਣ ਲਈ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 15 ਸਤੰਬਰ ਤੱਕ ਜਵਾਬ ਦੇਣ ਦੇ ਆਦੇਸ਼ ਦਿੱਤੇ ਹਨ। ਸੁਣਵਾਈ ਦੌਰਾਨ ਅਦਾਲਤ ਨੇ ਦਲੇਰ ਮਹਿੰਦੀ ਦੇ ਗਾਇਕ ਤੋਂ ਪੁੱਛਿਆ ਕਿ ਮਹਿੰਦੀ ਕਿੰਨੇ ਸਮੇਂ ਤੋਂ ਜੇਲ੍ਹ ਵਿੱਚ ਹੈ। ਇਸ ਜਵਾਬ ਵਿੱਚ ਵਕੀਲ ਨੇ ਕਿਹਾ ਕਿ ਜ਼ਿਆਦਾ ਸਮਾਂ ਨਹੀਂ ਹੋਇਆ। ਕਾਬਿਲੇਗੌਰ ਹੈ ਕਿ ਗਾਇਕ ਪਿਛਲੇ 6 ਦਿਨਾਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। 15 ਸਤੰਬਰ ਤੱਕ ਮਹਿੰਦੀ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਜ਼ਿਕਰਯੋਗ ਹੈ ਕਿ ਕਬੂਤਰਬਾਜ਼ੀ ਦੇ ਮਾਮਲੇ ਵਿੱਚ ਕਰੀਬ ਦੋ ਦਹਾਕੇ ਪਹਿਲਾਂ ਇਥੇ ਦਰਜ ਕੀਤੇ ਗਏ ਇੱਕ ਕੇਸ ਵਿੱਚ ਉੱਘੇ ਗਾਇਕ ਦਲੇਰ ਮਹਿੰਦੀ ਨੂੰ ਉਪਰਲੀ ਅਦਾਲਤ ਨੇ ਕੋਈ ਰਾਹਤ ਨਹੀਂ ਦਿੱਤੀ ਸੀ ਜਿਸ ਕਾਰਨ ਉਸ ਨੂੰ ਦੋ ਸਾਲ ਦੀ ਜੇਲ੍ਹ ਦੀ ਸਜ਼ਾ ਭੁਗਤਣੀ ਪਵੇਗੀ। ਉਸ ਨੂੰ 2018 ਵਿੱਚ ਜੁਡੀਸ਼ੀਅਲ ਮੈਜਿਸਟਰੇਟ ਨੇ ਦੋ ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਫੈਸਲੇ ਖ਼ਿਲਾਫ਼ ਦਲੇਰ ਮਹਿੰਦੀ ਨੇ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਪਟਿਆਲਾ ਦੇ ਵਧੀਕ ਸੈਸ਼ਨ ਜੱਜ ਐਚ.ਐਸ. ਗਰੇਵਾਲ ਦੀ ਅਗਵਾਈ ਹੇਠਲੀ ਅਦਾਲਤ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਦੋ ਸਾਲਾਂ ਦੀ ਕੈਦ ਦੀ ਸਜ਼ਾ ਬਰਕਰਾਰ ਰਹਿਣ ਮਗਰੋਂ ਦਲੇਰ ਮਹਿੰਦੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਦਲੇਰ ਪਿਛਲੇ 6 ਦਿਨਾਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਉਹ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੱਧੂ ਦੇ ਨਾਲ ਜੇਲ ਵਿੱਚ ਬੰਦ ਹਨ। ਇਹ ਵੀ ਪੜ੍ਹੋ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੰਤਰ-ਮੰਤਰ 'ਤੇ ਵੱਡਾ ਰੋਸ ਪ੍ਰਦਰਸ਼ਨ