ਸਿਵਲ ਸਰਜਨ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਜਲੰਧਰ : ਸਿਵਲ ਸਰਜਨ ਦਫਤਰ ਦੇ ਬਾਹਰ ਸਿਹਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਮੁਜ਼ਾਹਰਾ ਕੀਤਾ। ਤਨਖ਼ਾਹ ਨਾ ਮਿਲਣ ਤੋਂ ਪਰੇਸ਼ਾਨ ਸਿਵਲ ਸਰਜਨ ਦਫਤਰ ਜਲੰਧਰ ਦੇ ਡਾਕਟਰਾਂ ਤੇ ਮੁਲਾਜ਼ਮਾਂ ਨੇ ਸੜਕੀ ਆਵਾਜਾਈ ਰੋਕ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਉਤੇ ਮੁਲਾਜ਼ਮ ਮਾਰੂ ਨੀਤੀਆਂ ਲਾਗੂ ਕਰਨ ਦੇ ਦੋਸ਼ ਲਗਾਏ। ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ ਹੈ। ਸਿਵਲ ਸਰਜਨ ਦਫ਼ਤਰ ਜਲੰਧਰ ਦੇ ਢਾਈ ਸੌ ਤੋਂ ਵੱਧ ਮੁਲਾਜ਼ਮਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ। ਉਨ੍ਹਾਂ ਨੇ ਇਸ ਸਮੇਂ ਦੋਸ਼ ਲਗਾਏ ਕਿ ਅਧਿਕਾਰੀਆਂ ਦੇ ਰੌਲੇ ਵਿੱਚ ਮੁਲਾਜ਼ਮਾਂ ਨੂੰ ਤੰਗ ਕੀਤਾ ਜਾ ਰਿਹਾ ਹੈ ਤੇ ਤਨਖਾਹ ਰੋਕ ਕੇ ਮੁਲਾਜ਼ਮਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਕੁਝ ਸਾਲ ਪਹਿਲਾਂ ਇਕ ਡਾਕਟਰ ਵੱਲੋਂ ਕੀਤੀ ਗਈ ਧੋਖਾਧੜੀ ਦੇ ਮਾਮਲੇ ਵਿੱਚ ਵਿਜੀਲੈਂਸ ਇਨਕੁਆਰੀ ਕਾਰਨ ਪੂਰੇ ਦਫਤਰ ਦੀ ਤਨਖ਼ਾਹ ਰੋਕ ਲਈ ਗਈ। ਤਨਖਾਹਾਂ ਨਾ ਮਿਲਣ ਕਾਰਨ ਪੈਰਾ ਮੈਡੀਕਲ ਤੇ ਕਲੈਰੀਕਲ ਸਟਾਫ ਵਿੱਚ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਵੀ ਨਹੀਂ ਕੀਤਾ ਜਾ ਰਿਹਾ ਹੈ। ਇਸ ਕਾਰਨ ਲੰਮੇ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮ ਨਿਗੁਣੀਆਂ ਤਨਖਾਹਾਂ ਉਤੇ ਕੰਮ ਕਰਨ ਲਈ ਮਜਬੂਰ ਹੈ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਵੀ ਬਹਾਲ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ-ਵੱਡੇ ਦਾਅਵੇ ਕਰ ਕੇ ਸੱਤਾ ਵਿਚ ਆਈ ਸੀ ਪਰ ਉਨ੍ਹਾਂ ਨੇ ਮੰਗਾਂ ਪੂਰੀਆਂ ਤਾਂ ਕੀ ਕਰਨੀਆਂ ਸਨ ਉਪਰੋਂ ਮੁਲਾਜ਼ਮ ਵਰਗ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਜੇ ਉਨ੍ਹਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨਗੇ। ਇਹ ਵੀ ਪੜ੍ਹੋ : ਭਾਰਤ ਆਇਆ 110 ਮੁਸਲਿਮ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪਰਤਿਆ