ਭਲਕੇ ਪੰਜਾਬ ਸਰਕਾਰ ਸੱਦ ਸਕਦੀ ਹੈ ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਕੱਲ੍ਹ ਯਾਨੀ 1 ਅਪ੍ਰੈਲ ਨੂੰ ਬੁਲਾਇਆ ਜਾ ਸਕਦਾ ਹੈ। ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ ਸਕੱਤਰੇਤ ਨੂੰ ਵਿਸ਼ੇਸ਼ ਸੈਸ਼ਨ ਦੀ ਤਿਆਰੀ ਕਰਨ ਦੇ ਹੁਕਮ ਦਿੱਤੇ ਹਨ। ਸੂਤਰਾਂ ਅਨੁਸਾਰ ਇਸ ਵਿਸ਼ੇਸ਼ ਸੈਸ਼ਨ ਵਿੱਚ ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨਿਯਮਾਂ ਨਾਲ ਸਬੰਧਤ ਨੋਟੀਫਿਕੇਸ਼ਨ ਖ਼ਿਲਾਫ਼ ਮਤਾ ਪਾਸ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਦਨ ਪੰਜਾਬ ਦੇ ਵਿਧਾਇਕਾਂ ਦੀ ਪੈਨਸ਼ਨ ਨਾਲ ਜੁੜੇ ਫੈਸਲੇ 'ਤੇ ਮੋਹਰ ਲਗਾ ਸਕਦੀ ਹੈ। ਇਸ ਸੈਸ਼ਨ ਵਿੱਚ ਚੰਡੀਗੜ੍ਹ ਦੇ ਮੁੱਦੇ 'ਤੇ ਵਿਚਾਰ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੁਝ ਬਿੱਲ ਵੀ ਪੇਸ਼ ਕੀਤੇ ਜਾ ਸਕਦੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਦੂਜਾ ਸੈਸ਼ਨ ਹੋਏਗਾ। ਪਹਿਲੇ ਸੈਸ਼ਨ ਵਿੱਚ ਵਿਧਾਇਕਾਂ ਨੂੰ ਸਹੁੰ ਚੁਕਵਾਈ ਗਈ ਸੀ। ਦੱਸ ਦਈਏ ਕਿ ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਦੂਜੀ ਕੈਬਨਿਟ ਮੀਟਿੰਗ ਅੱਜ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦੇ ਏਜੰਡੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਹਾਲਾਂਕਿ ਮੁੱਖ ਮੰਤਰੀ ਮਾਨ ਨੇ ਹਾਲ ਹੀ ਵਿੱਚ ਕਈ ਐਲਾਨ ਕੀਤੇ ਹਨ, ਜਿਨ੍ਹਾਂ ਨੂੰ ਕੈਬਨਿਟ ਤੋਂ ਮਨਜ਼ੂਰੀ ਮਿਲ ਸਕਦੀ ਹੈ। ਇਸ ਲਈ ਸਰਕਾਰ ਕੁਝ ਨਵੇਂ ਬਿੱਲ ਲੈ ਕਾ ਆ ਸਕਦੀ ਹੈ ਜਿਨ੍ਹਾਂ ਨੂੰ ਵਿਧਾਨ ਸਭਾ ਵਿੱਚ ਮੋਹਰ ਲਵਾਉਣੀ ਜ਼ਰੂਰੀ ਹੋ ਸਕਦੀ ਹੈ। ਇਹ ਵੀ ਪੜ੍ਹੋ: ਪੰਜਾਬ ਦੇ ਪਿਆਕੜਾਂ ਨੂੰ ਵੱਡਾ ਝਟਕਾ, ਨਹੀਂ ਟੁੱਟਣਗੇ ਸ਼ਰਾਬ ਠੇਕੇ, ਜਾਣੋ ਕਾਰਨ ਬੀਤੇ ਦਿਨੀ ਮੁੱਖ ਮੰਤਰੀ ਮਾਨ ਨੇ ਹੁਣ ਤੱਕ ਕਈ ਐਲਾਨ ਕੀਤੇ ਹਨ। ਪ੍ਰਾਈਵੇਟ ਸਕੂਲ ਨਵੇਂ ਸੈਸ਼ਨ ਵਿੱਚ ਦਾਖ਼ਲਾ ਫੀਸਾਂ ਨਹੀਂ ਵਧਾਉਣਗੇ। ਕਿਤਾਬਾਂ ਤੇ ਕੱਪੜੇ ਕਿਸੇ ਵਿਸ਼ੇਸ਼ ਦੁਕਾਨ ਤੋਂ ਉਪਲਬਧ ਨਹੀਂ ਹੋਣਗੇ। ਇਸ ਤੋਂ ਇਲਾਵਾ ਪੰਜਾਬ ਵਿੱਚ ਠੇਕੇ ਤੇ ਆਊਟਸੋਰਸਿੰਗ ’ਤੇ ਕੰਮ ਕਰਦੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। -PTC News