ਚੰਡੀਗੜ੍ਹ ਤੋਂ ਸ਼ੁਰੂ ਕਰਕੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਪਹੁੰਚਿਆ ਸੱਚਖੰਡ ਸ੍ਰੀ ਦਰਬਾਰ ਸਾਹਿਬ
ਸ੍ਰੀ ਅੰਮ੍ਰਿਤਸਰ ਸਾਹਿਬ, 25 ਅਪ੍ਰੈਲ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਜਿੱਥੇ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਥਾਹ ਸ਼ਰਧਾ ਨਾਲ ਮਨਾਇਆ ਗਿਆ ਅਤੇ ਗੁਰਮਤਿ ਸਮਾਗਮ ਕਰਵਾਏ ਗਏ। ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਉਥੇ ਹੀ ਅੱਜ 401ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੰਡੀਗੜ੍ਹ ਤੋਂ ਇੱਕ ਨਗਰ ਕੀਰਤਨ ਜੋ ਕਿ 22 ਅਪ੍ਰੈਲ ਨੂੰ ਸ਼ੁਰੂ ਹੋਇਆ ਸੀ, ਉਹ ਪੰਜਾਬ ਦੀਆਂ ਵੱਖ ਵੱਖ ਥਾਵਾਂ 'ਤੇ ਹੁੰਦੇ ਹੋਏ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਿਆ। ਜਿਥੇ ਸੰਗਤਾਂ ਦੇ ਹਜੂਮ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਦੇ ਵਿੱਚ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ। ਇਸ ਮੌਕੇ ਗਤਕਾ ਪਾਰਟੀਆਂ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਅਤੇ ਚੰਡੀਗੜ੍ਹ ਤੋਂ ਨਗਰ ਕੀਰਤਨ ਲੈ ਕੇ ਸੰਗਤ ਨਾਲ ਪਹੁੰਚੇ ਬਾਬਾ ਪ੍ਰਿਤਪਾਲ ਸਿੰਘ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਪਿਛਲੇ ਸਾਲ ਗੁਰੂ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਚੰਡੀਗੜ੍ਹ ਦੀ ਸੁਖਣਾ ਝੀਲ ਨੇੜੇ ਸਥਿਤ ਗੁ. ਗੁਰ ਸਾਗਰ ਸਾਹਿਬ ਤੋਂ 22 ਅਪ੍ਰੈਲ ਨੂੰ ਸ਼ੁਰੂ ਹੋਇਆ ਸੀ ਜੋ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਚੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਹੀ ਉਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਹ ਨਗਰ ਕੀਰਤਨ ਸਜਾ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੱਕ ਪਹੁੰਚਦੇ ਹਨ ਲੇਕਿਨ ਦੋ ਸਾਲ ਕੋਰੋਨਾ ਕਾਰਨ ਉਹ ਨਗਰ ਕੀਰਤਨ ਨਹੀਂ ਸਜਾ ਸਕੇ ਸਨ। ਇਹ ਵੀ ਪੜ੍ਹੋ: 9ਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮਾਗਮ 'ਤੇ ਡੇਢ ਤੋਂ ਦੋ ਲੱਖ ਸੰਗਤਾਂ ਦੇ ਪਹੁੰਚਣ ਦਾ ਅਨੁਮਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਖਵਾਲੀ ਲਈ ਉਦਾਹਰਣ ਹੈ ਅਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਸ ਤੋਂ ਪ੍ਰੇਰਣਾ ਲੈ ਕੇ ਕੋਈ ਅਜਿਹਾ ਕਾਨੂੰਨ ਬਣਾਉਣ ਜੋ ਕਿਸੇ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਕਰਨ ਵਾਲੇ ਅਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾ ਸਕਣ। -PTC News