Wed, Nov 13, 2024
Whatsapp

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਵਚਨਬੱਧ: ਲਾਲ ਚੰਦ ਕਟਾਰੂਚੱਕ

Reported by:  PTC News Desk  Edited by:  Pardeep Singh -- October 28th 2022 06:04 PM
ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਵਚਨਬੱਧ: ਲਾਲ ਚੰਦ ਕਟਾਰੂਚੱਕ

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਵਚਨਬੱਧ: ਲਾਲ ਚੰਦ ਕਟਾਰੂਚੱਕ

ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਲੈ ਕੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ  ਲਾਲ ਚੰਦ ਕਟਾਰੂਚੱਕ ਵੱਲੋਂ ਸਥਾਨਕ ਦਾਣਾ ਮੰਡੀ ਦਾ ਦੌਰਾ ਕਰਨ ਉਪਰੰਤ ਕੀਤਾ ਗਿਆ। ਇਸ ਮੌਕੇ ਹਲਕਾ ਬਠਿੰਡਾ (ਸ਼ਹਿਰੀ) ਤੋਂ ਵਿਧਾਇਕ  ਜਗਰੂਪ ਸਿੰਘ ਗਿੱਲ, ਹਲਕਾ ਭੁੱਚੋ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ,  ਰਾਕੇਸ਼ ਪੁਰੀ ਚੇਅਰਮੈਨ ਜੰਗਲਾਤ ਵਿਭਾਗ, ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਸਦਕਾ ਸੂਬੇ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਆਦਿ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਮੀਡੀਆ ਕਰਮੀਆਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅੱਜ ਤੱਕ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ 91 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਦੁਆਰਾ ਕਰੀਬ 89 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਣ ਤੱਕ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਕਰੀਬ 15000 ਹਜ਼ਾਰ ਕਰੋੜ ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਸੂਬੇ ਵਿੱਚ ਪਹਿਲੀ ਵਾਰ ਇਤਿਹਾਸਿਕ ਕੰਮ ਹੋ ਰਿਹਾ ਹੈ ਕਿ ਕਿਸਾਨ ਦੁਪਹਿਰ ਦੇ 12 ਵਜੇ ਤੱਕ ਆਪਣੀ ਫ਼ਸਲ ਵੇਚ ਕੇ ਜਾ ਰਿਹਾ ਹੈ ਕਿ ਅਤੇ ਸੂਬਾ ਸਰਕਾਰ ਵੱਲੋਂ ਉਸੇ ਦਿਨ ਹੀ ਸ਼ਾਮ ਦੇ 4 ਵਜੇ ਤੱਕ (ਸਿਰਫ਼ ਚਾਰ ਘੰਟਿਆਂ ਵਿੱਚ) ਝੋਨੇ ਦੀ ਫ਼ਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਜੋ ਕਿਸਾਨ ਆਪਣੀ ਝੋਨੇ ਦੀ ਫ਼ਸਲ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮੰਡੀਆਂ ਵਿੱਚ ਲੈ ਕੇ ਆਏ ਸਨ, ਉਨ੍ਹਾਂ ਦੀ ਫ਼ਸਲ ਵੀ ਸੂਬਾ ਸਰਕਾਰ ਵੱਲੋਂ ਤੁਰੰਤ ਖ਼ਰੀਦ ਕੀਤੀ ਗਈ ਅਤੇ ਫ਼ਸਲ ਵੇਚਣ ਉਪਰੰਤ ਕਿਸਾਨਾਂ ਵੱਲੋਂ ਦੀਵਾਲੀ ਦਾ ਤਿਉਹਾਰ ਆਪਣੇ ਘਰਾਂ ਵਿੱਚ ਜਾ ਕੇ ਪਰਿਵਾਰਾਂ ਨਾਲ ਮਨਾਇਆ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਦਾਣਾ ਮੰਡੀ ਵਿੱਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਵੱਲੋਂ ਸੂਬਾ ਸਰਕਾਰ ਵੱਲੋਂ ਹੱਥੋ-ਹੱਥ ਖ਼ਰੀਦੀ ਜਾ ਰਹੀ ਝੋਨੇ ਦੀ ਫ਼ਸਲ ਅਤੇ ਲੋੜੀਂਦੇ ਪ੍ਰਬੰਧਾਂ ਤੇ ਵੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਨਾਲ-ਨਾਲ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨ੍ਹਾਂ ’ਚ ਸ਼ੈਲਰ ਮਾਲਕ, ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਵੀ ਸ਼ਾਮਲ ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਯਤਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਬਣਾਉਣ ਦੇ ਸਿਰਫ਼ 7 ਮਹੀਨਿਆਂ ਦੇ ਅੰਦਰ ਹੀ ਉਨਾਂ ਦੀ ਸਰਕਾਰ ਵੱਲੋਂ ਫ਼ਸਲਾਂ ਦੀ ਸੁਚੱਜੀ ਖਰੀਦ ਦੇ ਨਾਲ-ਨਾਲ ਪੱਕੀਆਂ ਭਰਤੀਆਂ, ਹਰ ਵਰਗ ਦੇ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਪੰਜਾਬ ਦੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਵਰਗੇ ਇਤਿਹਾਸਿਕ ਫ਼ੈਸਲੇ ਲੈ ਕੇ ਕਰਕੇ ਰੰਗਲਾ ਪੰਜਾਬ ਬਣਾਉਣ ਵੱਲ ਅਹਿਮ ਕਦਮ ਪੁੱਟੇ ਹਨ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਵੀ ਕੀਤੀ ਗਈ ਕਿ ਝੋਨੇ ਦੀ ਚੰਗੀ ਤਰ੍ਹਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀਂ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖ਼ਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖ਼ਰੀਦਿਆ ਜਾ ਸਕੇ। ਇਹ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਖ਼ਿਲਾਫ਼ ਬੋਲਣ ਤੋਂ ਮਨੀਸ਼ਾ ਗੁਲਾਟੀ ਨੇ ਕੀਤਾ ਇਨਕਾਰ -PTC News


Top News view more...

Latest News view more...

PTC NETWORK