ਸੂਬਾ ਸਰਕਾਰ ਵੱਲੋਂ ਪੰਜਾਬੀ 'ਵਰਸਿਟੀ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਜਾਰੀ
ਪਟਿਆਲਾ : ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਲਈ ਅਪਰੈਲ-ਜੂਨ 2022 ਦੀ ਤਿਮਾਹੀ ਲਈ 40 ਕਰੋੜ ਰੁਪਏ ਦੀ ਅੰਤਰਿਮ ਸੈਲਰੀ ਗਰਾਂਟ ਜਾਰੀ ਕੀਤੀ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਿਸਟੀ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਪੰਜਾਬ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਵਿਸ਼ੇਸ਼ ਪੈਕੇਜ ਐਲਾਨਿਆ ਜਾਵੇਗਾ। ਇਸ ਗਰਾਂਟ ਨਾਲ ਪੰਜਾਬੀ ਯੂਨੀਵਰਸਿਟੀ ਨੂੰ ਭਾਰੀ ਲਾਹਾ ਹੋਵੇਗਾ ਅਤੇ ਵਿੱਤੀ ਸੰਕਟ ਨਾਲ ਜੂਝ ਰਹੇ ਮੁਲਾਜ਼ਮਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਜ਼ਿਕਰਯੋਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਪਣੇ ਪਹਿਲੇ ਦੌਰੇ 'ਤੇ ਆਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਯੂਨੀਵਰਸਿਟੀ ਨੂੰ ਵਿੱਤੀ ਬੋਝ ਹੇਠ ਨਹੀਂ ਛੱਡਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ। ਅੱਜ ਇੱਥੇ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਫਿਲਮ ਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਅਤੇ ਯੂਨੀਵਰਸਿਟੀ ਵੱਲੋਂ ਕਰਵਾਏ ਤਿੰਨ ਰੋਜ਼ਾ ਪੰਜਾਬੀ ਸਿਨੇਮਾ, ਟੈਲੀਵੀਜ਼ਨ ਤੇ ਥੀਏਟਰ ਵਿਸ਼ਾਲ ਸ਼ੋਅ ਦੇ ਆਖਰੀ ਦਿਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਸੀ ਕਿ ਫੰਡਾਂ ਦੀ ਘਾਟ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਮੁੱਖ ਤਰਜੀਹ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਇਹ ਵੀ ਪੜ੍ਹੋ : ਐਚਐਸ ਫੂਲਕਾ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ, ਕਿਸਾਨ ਭਰਾਵਾਂ ਨੂੰ ਕੀਤੀ ਅਪੀਲ