ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਲਈ ਬੁਢਾਪਾ ਪੈਨਸ਼ਨ ਸਮੇਤ ਕੀਤੇ ਕਈ ਵੱਡੇ ਐਲਾਨ
Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਸਰਗਰਮ ਹੈ। ਹਰ ਇਕ ਸਿਆਸੀ ਪਾਰਟੀ ਵਲੋਂ ਜਿਥੇ ਜੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਇਕ ਦੂਸਰੇ ਖਿਲਾਫ਼ ਬਿਆਨਬਾਜ਼ੀ ਦਾ ਦੌਰ ਵੀ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਵੱਖ ਵਖ ਥਾਵਾਂ 'ਤੇ ਚੌਣ ਰੈਲੀ ਕੀਤੀ ਗਈ। ਇਸ ਦੌਰਾਨ ਸੰਗਰੂਰ ਦੇ ਭਵਾਨੀਗੜ੍ਹ ਵਿਖੇ ਚੋਣ ਪ੍ਰਚਾਰ ਲਈ ਪੁੱਜੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ 'ਤੇ ਤਿੱਖਾ ਹਮਲਾ ਕੀਤਾ ਹੈ। ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੁੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਹੁਣ ਖੇਡ ਖਤਮ ਹੋ ਗਈ ਹੈ, ਜਦਕਿ ਕੇਜਰੀਵਾਲ ਨੂੰ ਪੰਜਾਬ ਬਾਰੇ ਕੁੱਝ ਨਹੀਂ ਪਤਾ ਕਿਉਂਕਿ ਉਹ ਇਥੋਂ ਦਾ ਜੰਮਪਲ ਨਹੀਂ ਹੈ ਤੇ ਉਹ ਪੰਜਾਬ ਦਾ ਕੁੱਝ ਨਹੀਂ ਸੰਵਾਰ ਸਕਦਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਪੰਥਕ ਪਾਰਟੀ ਹੈ ਅਤੇ ਇਹ ਹਜ਼ਾਰਾਂ ਲੋਕਾਂ ਦੀ ਸ਼ਹਾਦਤ ਨਾਲ ਬਣੀ ਹੋਈ ਪਾਰਟੀ ਹੈ। ਦੱਸ ਦੇਈਏ ਕਿ ਸੁਖਬੀਰ ਬਾਦਲ ਭਵਾਨੀਗੜ੍ਹ ਦੀ ਅਨਾਜ ਮੰਡੀ 'ਚ ਵਿਨਰਜੀਤ ਸਿੰਘ ਗੋਲਡੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਪਾਰਟੀ ਸਮਰਥਕ ਮੌਜੂਦ ਸਨ ਅਤੇ ਸੁਖਬੀਰ ਬਾਦਲ ਨੇ ਸਟੇਜ ਤੋਂ ਜਨ ਸਭਾ ਨੂੰ ਸੰਬੋਧਨ ਕੀਤਾ, ਅਤੇ ਲੋਕਾਂ ਨੂੰ ਵਿਨਰਜੀਤ ਸਿੰਘ ਗੋਲਡੀ ਦੇ ਹੱਕ 'ਚ ਅਪੀਲ ਕੀਤੀ ਅਤੇ ਕਿਹਾ ਕਿ ਵਿਨਰਜੀਤ ਸਿੰਘ ਗੋਲਡੀ ਬਹੁਤ ਹੀ ਨੇਕ ਤੇ ਇਮਾਨਦਾਰ ਇਨਸਾਨ ਹੈ, ਆਪਣੀ ਕੀਮਤੀ ਵੋਟ ਪਾ ਕੇ ਉਸ ਨੂੰ ਜਿਤਾਓ। ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਚੋਣ ਪ੍ਰਚਾਰ ਸਿਖਰਾਂ 'ਤੇ ਹੈ। ਇਸ ਦੌਰਾਨ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਰੋਡ ਸ਼ੋਅ ਕੱਢਿਆ ਗਿਆ ਹੈ। ਦੂਜੇ ਪਾਸੇ ਅੱਜ ,ਮਹਿਲ ਕਲਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਦਾਅਵਾ ਕਰਦੇ ਹੋਏ ਕਿਹਾ ਕਿ ਇਸ ਵਾਰ ਵਿਧਾਨ ਸਭਾ ਦੀਆਂ ਚੋਣਾਂ 'ਚ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ 80 ਤੋਂ ਵੱਧ ਸੀਟਾਂ 'ਤੇ ਜਿੱਤ ਦਰਜ ਕਰੇਗਾ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਵੱਡੇ ਸ਼ਬਦੀ ਹਮਲੇ ਕੀਤੇ, ਉਥੇ ਹੀ ਆਮ ਆਦਮੀ ਪਾਰਟੀ 'ਤੇ ਵੀ ਨਿਸ਼ਾਨੇ ਸਾਧੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ ਪਰ 'ਆਪ' ਪਾਰਟੀ ਨੂੰ ਮਾਝਾ ਅਤੇ ਦੋਆਬਾ 'ਚ ਇਕ ਵੀ ਸੀਟ ਨਹੀਂ ਮਿਲੇਗੀ। ਕਾਂਗਰਸ 'ਤੇ ਨਿਸ਼ਾਨੇ ਲਾਉਂਦੇ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਪਿਛਲੇ 5 ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਥ ਦੀ ਫ਼ੌਜ ਹੈ ਅਤੇ ਅਕਾਲੀਆਂ ਨੇ ਹੀ ਲੜਾਈ ਲੜਨੀ ਹੈ। ਅਸੀਂ ਲੋਕਾਂ ਦੀ ਅਤੇ ਪੰਜਾਬੀਆਂ ਦੀ ਸਰਕਾਰ ਬਣਾਉਣੀ ਹੈ ਅਤੇ ਮੈਨੂੰ ਪੂਰੀ ਆਸ ਹੈ ਕਿ ਪੰਜਾਬ ਦੀ ਜਨਤਾ ਇਸ ਵਾਰ ਸਹੀ ਫ਼ੈਸਲਾ ਲਵੇਗੀ। ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ 'ਸਰਕਾਰ ਬਣਨ ਦੇ 15 ਦਿਨ ਦੇ ਅੰਦਰ ਕੱਟੇ ਗਏ ਨੀਲੇ ਕਾਰਡ ਬਹਾਲ ਕੀਤੇ ਜਾਣਗੇ। ਸਰਕਾਰ ਆਉਣ 'ਤੇ '75 ਹਜ਼ਾਰ ਰੁਪਏ ਸ਼ਗਨ ਸਕੀਮ ਮਿਲੇਗੀ। ਇਸ ਦੌਰਾਨ 3100 ਰੁਪਏ ਬੁਢਾਪਾ ਪੈਨਸ਼ਨ ਦਿੱਤੀ ਜਾਵੇਗੀ। ਵੱਡੇ-ਵੱਡੇ ਐਲਾਨ ਕਰਦੇ ਹੋਏ ਸੁਖਬੀਰ ਨੇ ਕਿਹਾ ਕਿ ਹਰ ਜ਼ਿਲ੍ਹੇ 'ਚ 500 ਬੈੱਡਾਂ ਦਾ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦੀ ਫ਼ਸਲ ਦਾ ਬੀਮਾ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਆਉਣ 'ਤੇ ਕਿਸਾਨਾਂ ਦੀ ਪ੍ਰਤੀ ਏਕੜ ਫ਼ਸਲ ਦਾ 50 ਹਜ਼ਾਰ ਤੱਕ ਦਾ ਬੀਮਾ ਕੀਤਾ ਜਾਵੇਗਾ। ਹਰ 25 ਹਜ਼ਾਰ ਅਬਾਦੀ 'ਚ ਇਕ ਸਕੂਲ ਬਣਾਉਣ ਦਾ ਵੀ ਜ਼ਿਕਰ ਕੀਤਾ। ਇਹ ਵੀ ਪੜ੍ਹੋ: ਕਿਸਾਨ ਵੱਲੋਂ 20 ਥਾਵਾਂ 'ਤੇ ਫੂਕੇ ਗਏ ਪੁਤਲੇ, ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਕੀਤੀ ਮੰਗ -PTC News