ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਤੋਂ ਬਹੁਤ ਦੁਖ ਤੇ ਤਕਲੀਫ ਮਹਿਸੁਸ ਕਰਦੇ ਹਨ ਤੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਪਾਰਟੀ ਇਸ ਸੰਵੇਦਨਸ਼ੀਲ ਮਾਮਲੇ ’ਤੇ ਰਾਜਨੀਤੀ ਕਰਦੀ ਆ ਰਹੀ ਹੈ ਅਤੇ ਉਹਨਾਂ ਵਾਅਦਾ ਕੀਤਾ ਕਿ ਸੂਬੇ ਵਿਚ ਅਕਾਲੀ ਸਰਕਾਰ ਬਣਨ ’ਤੇ ਮਾਮਲੇ ਵਿਚ ਨਿਆਂ ਮਿਲਣਾ ਯਕੀਨੀ ਬਣਾਇਆ ਜਾਵੇਗਾ।
ਅਕਾਲੀ ਦਲ ਦੇ ਪ੍ਰਧਾਨ ਇਥੇ ਪਾਰਟੀ ਦੇ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਬਣਾਏ 25 ਬੈਡਾਂ ਦੇ ਕੋਰੋਨਾ ਕੇਅਰ ਸੈਂਟਰ ਦਾ ਉਦਘਾਟਨ ਕਰਨ ਆਏ ਸਨ। ਕੰਸੈਂਟ੍ਰੇਟਰ ਲੱਗੇ ਹਨ ਤੇ ਮੈਡੀਕਲ ਸਟਾਫ ਇਥੇ ਕੋਰੋਨਾ ਮਰੀਜ਼ਾਂ ਦਾ ਮੁਫਤ ਇਲਾਜ ਕਰੇਗਾ।
ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਅਦਬੀ ਦੇ ਮਾਮਲੇ ਵਿਚ ਨਿਆਂ ਪ੍ਰਾਪਤ ਕਰਨ ਵਾਸਤੇ ਕਾਂਗਰਸ ਪਾਰਟੀ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਜਦੋਂ ਬੇਅਦਬੀ ਦੇ ਮਾਮਲੇ ਹੋਏ ਸਨ ਤਾਂ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ ਪਰ ਕਾਂਗਰਸ ਤੇ ਇਸਦੇ ਕੁਝ ਅਖੌਤੀ ਆਗੂਆਂ ਨੇ ਮੰਗ ਕੀਤੀ ਕਿ ਮਾਮਲਾ ਸੀ ਬੀ ਆਈ ਹਵਾਲੇ ਕੀਤਾ ਜਾਵੇ। ਉਹਨਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਸੱਤਾ ਵਿਚ ਆ ਗਈ ਤਾਂ ਇਸਨੇ ਨਾ ਸਿਰਫ ਕੇਸ ਸੀ ਬੀਆਈ ਤੋਂ ਵਾਪਸ ਲੈ ਲਏ ਬਲਕਿ ਚਾਰ ਸਾਲਾਂ ਵਿਚ ਕੋਈ ਪ੍ਰਗਤੀ ਨਹੀਂ ਕੀਤੀ।
Read more : ਕੰਵਰਦੀਪ ਕੌਰ ਹੋਣਗੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਹਿਲੇ ਐੱਸਐੱਸਪੀ
ਕੁਝ ਅਖੌਤੀ ਸੰਗਠਨਾਂ ਵੱਲੋਂ ਬੇਅਦਬੀ ਦੇ ਮਾਮਲੇ ’ਤੇ ਕੀਤੀ ਜਾ ਰਹੀ ਰਾਜਨੀਤੀ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹ ਬਲਜੀਤ ਸਿੰਘ ਦਾਦੂਵਾਲ ਵਰਗਿਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਹ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕਿਵੇਂ ਬਣ ਗਏ। ਉਹਨਾਂ ਕਿਹਾ ਕਿ ਹੁਣ ਵੀ ਦਾਦੂਵਾਲ ਦੇ ਕਹਿਣ ’ਤੇ ਭਾਜਪਾ ਸਰਕਾਰ ਨੇ ਹਰਿਆਣਾ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਹਨ।
ਪੰਜਾਬ ਦੇ ਹਾਲਾਤਾਂ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਕੋਰੋਨਾ ਦੀ ਲੜਾਈ ਲੜਨ ਦੇ ਸਰਕਾਰ ਕੁਰਸੀ ਦੀ ਲੜਾਈ ਵਿਚ ਰੁੱਝੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਉਹਨਾਂ ਦੇ ਮੰਤਰੀਆਂ ਦੇ ਘਰਾਂ ਵਿਚ ਲੁੱਕ ਜਾਣ ਜਾਂ ਫਿਰ ਦਿੱਲੀ ਭੱਜ ਜਾਣ ਕਾਰਨ ਪੰਜਾਬੀ ਬੇਵਸ ਮਹਿਸੂਸ ਕਰ ਰਹੇ ਹਨ।
ਉਹਨਾਂ ਕਿਹਾ ਕਿ ਹੋਰ ਕੁਝ ਨਹੀਂ ਤਾਂ ਕਾਂਗਰਸ ਸਰਕਾਰ ਇਸ ਸੰਕਟ ਦੇ ਵੇਲੇ ਜੰਗਬੰਦੀ ਹੀ ਕਰ ਦਿੰਦੀ। ਉਹਨਾਂ ਨੇ ਕਾਂਗਰਸ ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ’ਤੇ ਨਕੇਲ ਪਾਉਣ ਅਤੇ ਦਵਾਈਆਂ ਦੀ ਕਾਲਾਬਜ਼ਾਰੀ ਰੋਕਣ ਵਿਚ ਨਾਕਾਮ ਰਹਿਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਬਲਾਕ ਪੱਧਰ ’ਤੇ ਕੋਰੋਨਾ ਕੇਅਰ ਸੈਂਟਰ ਖੋਲ੍ਹੱਣ ਵਿਚ ਵੀ ਨਾਕਾਮ ਰਹੀ ਹੈ ਤੇ ਇਹ ਪੰਜਾਬ ਦੀ ਸਾਰੀ ਆਬਾਦੀ ਨੂੰ ਲਗਾਉਣ ਲਈ ਉਤਪਾਦਕਾਂ ਤੋਂ ਵੈਕਸੀਨ ਖਰੀਦਣ ਵਿਚ ਵੀ ਨਾਕਾਮ ਰਹੀ ਹੈ।