ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਜਾਰੀ
ਬਰਨਾਲਾ : ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸਥਿਤ ਰਿਹਾਇਸ਼ ਅੱਗੇ ਈਟੀਟੀ ਅਧਿਆਪਕਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਧਰਨਾਕਾਰੀ ਅਧਿਆਪਕ ਆਪਣੀਆਂ ਡੈਪੂਟੇਸ਼ਨ ਬਦਲੀਆਂ ਰੱਦ ਕਰਨ ਦੀ ਮੰਗ ਕਰ ਰਹੇ ਹਨ। ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਐਤਵਾਰ ਤੋਂ ਜਾਰੀ ਹੈ ਤੇ ਅਧਿਆਪਕਾਂ ਨੇ ਰਾਤ ਵੀ ਕੱਟੀ। ਦੂਜੇ ਪਾਸੇ ਅੱਜ ਮੰਤਰੀ ਮੀਤ ਹੇਅਰ ਦੀ ਕੋਠੀ ਨੂੰ ਜਾਂਦੀ ਸੜਕ ਉਤੇ ਬੈਰੀਕੇਡਿੰਗ ਕਰ ਦਿੱਤੀ ਗਈ ਜਿਸ ਨੂੰ ਕਿਸਾਨ ਆਗੂ ਮਨਜੀਤ ਧਨੇਰ ਨੇ ਖੁੱਲ੍ਹਵਾਇਆ। ਧਰਨਾਕਾਰੀ ਅਧਿਆਪਕਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਤੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵੀ ਲਾਏ। ਅਧਿਆਪਕ ਡੈਪੂਟੇਸ਼ਨ ਰੱਦ ਕਰਨ ਦੀ ਆਪਣੀ ਮੰਗ ਉਤੇ ਡਟੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਵੀ ਅਧਿਆਪਕਾਂ ਦੇ ਹੱਕ ਵਿੱਚ ਡਟੀਆਂ ਹਨ। ਕਿਸਾਨ ਆਗੂ ਮਨਜੀਤ ਧਨੇਰ ਨੇ ਹਰ ਪੱਖ ਤੋਂ ਅਧਿਆਪਕਾਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ।ਧਰਨਾਕਾਰੀ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਦੇ ਸਿੱਖਿਆ ਵਿਭਾਗ ਨੇ ਸਟੇਸ਼ਨਾਂ ਤੋਂ 100 ਤੋਂ 200 ਕਿਲੋਮੀਟਰ ਦੂਰ ਸਕੂਲਾਂ ਵਿੱਚ ਜਾਣਾ ਪੈਂਦਾ ਹੈ ਜਿਸ ਕਾਰਨ ਅਧਿਆਪਕਾਂ ਨੂੰ ਡਿਊਟੀ ਉਤੇ ਜਾਣ ਲਈ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਡੈਪੂਟੇਸ਼ਨ ਇਸ ਆਧਾਰ ਉਤੇ ਕੀਤਾ ਗਿਆ ਸੀ ਕਿ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ ਅਤੇ ਜਿਵੇਂ ਹੀ ਸੀਟਾਂ ਭਰੀਆਂ ਜਾਣਗੀਆਂ, ਉਨ੍ਹਾਂ ਦਾ ਡੈਪੂਟੇਸ਼ਨ ਰੱਦ ਕਰ ਦਿੱਤਾ ਜਾਵੇਗਾ। ਸਿੱਖਿਆ ਵਿਭਾਗ ਨੇ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਇਹ ਡੈਪੂਟੇਸ਼ਨ ਰੱਦ ਕਰਨ ਦਾ ਭਰੋਸਾ ਦਿੱਤਾ ਸੀ, ਜੋ ਅੱਜ ਤੱਕ ਨਹੀਂ ਹੋਇਆ। ਇਸ ਕਰ ਕੇ ਉਹ ਮਜਬੂਰੀਵੱਸ ਆਪਣੀ ਮੰਗ ਲੈ ਕੇ ਸਿੱਖਿਆ ਮੰਤਰੀ ਦੇ ਘਰ ਪਹੁੰਚ ਗਏ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਜਦਕਿ ਉਲਟਾ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਦਾ ਡੈਪੂਟੇਸ਼ਨ ਰੱਦ ਕਰਨ ਦੇ ਲਿਖਤੀ ਹੁਕਮ ਨਹੀਂ ਮਿਲ ਜਾਂਦੇ, ਉਹ ਮੰਤਰੀ ਮੀਤ ਹੇਅਰ ਅੱਗੇ ਧਰਨਾ ਜਾਰੀ ਰੱਖਣਗੇ। ਇਸ ਮੌਕੇ ਕਿਸਾਨ ਆਗੂਆਂ ਮਨਜੀਤ ਸਿੰਘ ਧਨੇਰ ਅਤੇ ਨਰਾਇਣ ਦੱਤ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਜਾਇਜ਼ ਹਨ। ਸਰਕਾਰ ਨੂੰ ਤੁਰੰਤ ਉਨ੍ਹਾਂ ਦੀ ਮੰਗ ਮੰਨਣੀ ਚਾਹੀਦੀ ਹੈ। ਜਿੰਨਾ ਚਿਰ ਇਨ੍ਹਾਂ ਅਧਿਆਪਕਾਂ ਦਾ ਧਰਨਾ ਜਾਰੀ ਰਹੇਗਾ, ਉਨ੍ਹਾਂ ਦੀ ਹਮਾਇਤ ਜਾਰੀ ਰਹੇਗੀ। ਪੰਜਾਬ ਦੇ ਨੌਜਵਾਨਾਂ ਲਈ ਬਹੁਤ ਜਲਦੀ ਰੁਜ਼ਗਾਰ ਦੇ ਮੌਕੇ ਉਪਲਬਧ ਹੋਣਗੇ। ਅਧਿਆਪਕਾਂ ਦੀ ਭਰਤੀ ਕਰਨ ਦਾ ਐਲਾਨ : ਇਸ ਵਿਚਕਾਰ ਪੰਜਾਬ ਦੇ ਸਿੱਖਿਆ ਮੰਤਰੀ (Punjab State Education Minister) ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਅਧਿਆਪਕਾਂ ਦੀਆਂ ਅਸਾਮੀਆਂ 'ਤੇ ਜਲਦ ਹੀ ਬੰਪਰ ਭਰਤੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਐਲਾਨ ਅਨੁਸਾਰ ਪੰਜਾਬ 'ਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਜਲਦੀ ਹੀ 10,500 ਅਧਿਆਪਕਾਂ ਦੀ ਨਿਯੁਕਤੀ (ਪੰਜਾਬ ਸਰਕਾਰੀ ਨੌਕਰੀ) ਕੀਤੀ ਜਾਵੇਗੀ। ਸਿੱਖਿਆ ਮੰਤਰੀ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੰਨਣਵਾਲਾ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਵਿੱਚ ਸੱਭਿਆਚਾਰਕ ਸਮਾਗਮ ਵਿੱਚ ਸ਼ਾਮਲ ਹੋਏ ਸਨ ਜਿੱਥੇ ਉਨ੍ਹਾਂ ਨੇ ਇਹ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ ਤੇ ਅਧਿਆਪਕਾਂ ਦੀ ਘਾਟ ਵੀ ਪੂਰੀ ਹੋਵੇਗੀ। ਇਹ ਵੀ ਪੜ੍ਹੋ : ਕਣਕ ਦੀ ਖ਼ਰੀਦ ਸ਼ੁਰੂ ਹੋਣ ਦੇ ਬਾਵਜੂਦ ਮੰਡੀਆਂ ਦੀ ਹਾਲਤ ਖਸਤਾ