ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਨਾਜਾਇਜ਼ ਕਾਲੋਨਾਈਜ਼ਰਾਂ ਖ਼ਿਲਾਫ਼ ਕਰੇਗੀ ਕਾਰਵਾਈ!
ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਕਾਲੋਨਾਈਜ਼ਰਾਂ ਨੇ ਪਿਛਲੀਆਂ ਸਰਕਾਰਾਂ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਕਾਲੋਨੀਆਂ ਰੈਗੂਲਰ ਕਰਵਾਈਆਂ ਹਨ, ਅਜਿਹੀਆਂ ਸ਼ਿਕਾਇਤਾਂ ਪੰਜਾਬ ਸਰਕਾਰ ਨੂੰ ਮਿਲ ਰਹੀਆਂ ਹਨ। ਸੂਤਰਾਂ ਮੁਤਾਬਕ ਇਸ ਲਈ ਸਰਕਾਰ ਨੇ ਹੁਣ ਤੱਕ ਰੈਗੂਲਰ ਕੀਤੀਆਂ ਵੱਖ-ਵੱਖ ਜ਼ਿਲ੍ਹਿਆਂ ਦੀਆਂ ਗੈਰ-ਕਾਨੂੰਨੀ ਕਾਲੋਨੀਆਂ ਦਾ ਰਿਕਾਰਡ ਖੰਗਾਲਣ ਦਾ ਫ਼ੈਸਲਾ ਕੀਤਾ ਹੈ। ਮੁਹਾਲੀ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਅਜਿਹੇ ਜ਼ਿਲ੍ਹੇ ਹਨ ਜਿੱਥੇ ਗੈਰ ਕਾਨੂੰਨੀ ਕਾਲੋਨੀਆਂ ਲਗਾਤਾਰ ਬਣਾਈਆਂ ਜਾ ਰਹੀਆਂ ਹਨ, ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਨਅਤੀ ਖੇਤਰ ਵਿਕਸਿਤ ਹਨ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਦੀ ਸਰਕਾਰ ਕਾਲੋਨਾਈਜ਼ਰਾਂ ਖਿਲਾਫ਼ ਕਾਰਵਾਈ ਕਰਨ ਜਾ ਰਹੀ ਹੈ। ਅਜਿਹੇ 70 ਕਾਲੋਨਾਈਜ਼ਰਾਂ ਨੂੰ ਨੋਟਿਸ ਭੇਜੇ ਗਏ ਹਨ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਚੰਡੀਗੜ੍ਹ ਦੇ ਆਸੇ ਪਾਸੇ ਦੇ ਸੌ ਤੋਂ ਵੱਧ ਪਿੰਡਾਂ ਦੀ ਸ਼ਾਮਲਾਟ ਜ਼ਮੀਨਾਂ ਉਤੇ ਹੋਏ ਕਬਜ਼ੇ ਦੇ ਸਬੰਧ ਵਿਚ ਵੱਡਾ ਫ਼ੈਸਲਾ ਲੈ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਿਵੇਂ ਕਿ ਮੁਹਾਲੀ ਦੇ ਜ਼ੀਰਕਪੁਰ, ਡੇਰਾਬੱਸੀ ਇਸ ਤੋਂ ਇਲਾਵਾ ਲੁਧਿਆਣਾ ਦੇ ਇਲਾਕੇ ਵਿੱਚ ਕਾਨੂੰਨ ਨੂੰ ਅਣਗੌਲਿਆ ਕਰ ਕੇ ਧੜੱਲੇ ਨਾਲ ਕਾਲੋਨੀਆਂ ਉਸਾਰੀਆਂ ਜਾ ਰਹੀਆਂ ਤੇ ਬਾਅਦ ਵਿੱਚ ਲੋਕਾਂ ਨੂੰ ਬਣਦੀਆਂ ਸਹੂਲਤਾਂ ਵੀ ਮੁਹੱਈਆ ਨਹੀਂ ਕਰਵਾਈਆਂ ਜਾਂਦੀਆਂ ਹਨ। ਇਹ ਵੀ ਪੜ੍ਹੋ : 15 ਸਾਲ ਬਾਅਦ ਪੰਜਾਬ 'ਚ ਕਣਕ ਦੀ ਪੈਦਾਵਾਰ ਘਟੀ