ਕਿਸਾਨਾਂ ਤੇ ਪੁਲਿਸ ਵਿਚਾਲੇ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਨੇ ਵਧਾਈ ਸੁਰੱਖਿਆ
ਦਿੱਲੀ ਵਿਚ ਕਿਸਾਨਾਂ ਦੇ ਟਰੈਕਟਰ ਮਾਰਚ ਵਿਚ ਬਵਾਲ ਤੋਂ ਬਾਅਦ ਜਿਥੇ ਦਿੱਲੀ ਦੇ ਕੁਝ ਹਿਸਿਆਂ 'ਚ ਇੰਟਰਨੈੱਟ ਬੰਦ ਕਰ ਦਿੱਤੇ ਗਏ। ਲਾਲ ਕਿਲ੍ਹੇ ਨੂੰ ਜਿੰਦਰੇ ਲੈ ਦਿੱਤੇ ਗਏ ਉਥੇ ਹੀ ਕਿਸਾਨਾਂ ਦੀ ਟਰੈਕਟਰ ਪਰੇਡ ’ਚ ਜੁਟੇ ਪ੍ਰਦਰਸ਼ਨਕਾਰੀਆਂ ਦੀਆਂ ਪੁਲਿਸ ਨਾਲ ਹਿੰਸਕ ਝੜਪਾਂ ਹੋ ਰਹੀਆਂ ਹਨ। ਜਿਥੇ ਪੁਲਿਸ ਪ੍ਰਦਰਸ਼ਨਕਾਰੀ ਨੂੰ ਅੱਗੇ ਵਧਣ ਤੋਂ ਰੋਕ ਰਹੀ ਹੈ ਉਥੇ ਹੀ ਪ੍ਰਦਰਸ਼ਨਕਾਰੀ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋ ਰਿਹਾ ਹੈ। ਵਿਗੜਦੇ ਹਲਾਤਾਂ ਨੂੰ ਵੇਖਦੇ ਹੋਏ ਫਰੀਦਾਬਾਦ ਜ਼ਿਲ੍ਹਾ ਮਜਿਸਟ੍ਰੇਟ ਯਸ਼ਪਾਲ ਨੇ ਜ਼ਿਲ੍ਹੇ ’ਚ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੱਸਿਆ ਗਿਆ ਹੈ ਕਿ ਹੁਣ ਕਿਸੇ ਵੀ ਤਰ੍ਹਾਂ ਦੇ ਤਣਾਅ, ਕਿਸੇ ਜਾਨੀ ਜਾਂ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਣ ਦੇ ਖਦਸ਼ੇ ਦੇ ਚਲਦੇ ਭਾਰਤੀ ਸਜ਼ਾ ਜ਼ਾਬਤਾ ਦੀ 1973 ਦੀ ਧਾਰਾ-144 ਤਹਿਤ ਜ਼ਿਲੇ ’ਚ 5 ਜਾਂ 5 ਤੋਂ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ, ਕਿਸੇ ਤਰ੍ਹਾਂ ਦਾ ਹਥਿਆਰ ਲੈ ਕੇ ਚੱਲਣ ’ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਜ਼ਿਕਰਯੋਗ ਹੈ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11ਵੇਂ ਗੇੜ੍ਹ ਦੀਆਂ ਬੈਠਕਾਂ ਹੋ ਚੁਕੀਆਂ ਹਨ ਪਰ ਸਾਰੀਆਂ ਬੇਸਿੱਟਾ ਰਹੀਆਂ । ਜਿਸ ਤੋਂ ਬਾਅਦ ਅਖ਼ਰੀਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਗਿਆ ਉਥੇ ਹੀ ਕੁਝ ਲੋਕਾਂ ਵੱਲੋਂ ਹਿੰਸਾ ਕੀਤੀ ਗਈ ਜਿਸ ਤੋਂ ਬਾਅਦ ਹੋਰਨਾਂ ਜ਼ਿਲ੍ਹਿਆਂ 'ਚ ਹਾਈ ਅਲਰਟ ਜਾਰੀ ਕੀਤੇ ਜਾ ਰਹੇ ਹਨ , ਪੰਜਾਬ ਸਰਕਾਰ ਵੱਲੋਂ ਵੀ ਅਲਰਟ ਜਾਰੀ ਕੀਤਾ ਗਿਆ ਹੈ ਤਾਂ ਜੋ ਕੋਈ ਹੋਰ ਸ਼ਰਾਰਤੀ ਅਨਸਰ ਗੜਬੜੀ ਨਾ ਕਰ ਸਕਣ।