ਬੰਦੀ ਸਿੰਘਾਂ ਦੀ ਰਿਹਾਈ ਨੂੰ ਲਟਕਾਉਣ ਕਾਰਨ ਸਿੱਖ ਜਥੇਬੰਦੀਆਂ 'ਚ ਭਾਰੀ ਰੋਹ
ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੀ ਅੱਜ ਵਿਸ਼ੇਸ਼ ਇਕੱਤਰਤਾ ਹੋਈ। ਲੰਘੇ ਕੱਲ੍ਹ ਉਪ ਰਾਸ਼ਟਰਪਤੀ ਨੂੰ ਵੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਸੀ। ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਵੱਲੋਂ ਦਿਖਾਈ ਜਾ ਰਹੀ ਬੇਰੁਖੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਰੋਹ ਵਿਚ ਆ ਗਈਆਂ ਹਨ ਅਤੇ ਤਿੱਖੇ ਸੰਘਰਸ਼ ਦੇ ਰੌਂਅ ਵਿਚ ਵਿਖਾਈ ਦੇ ਰਹੀਆਂ ਹਨ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸੰਤ ਬਾਬਾ ਬਲਬੀਰ ਸਿੰਘ ਨੇ ਦਿੱਲੀ ਦੀ ਇੱਟ ਨਾਲ ਇੱਟ ਖੜਕਾਉਣ ਦੀ ਚਿਤਾਵਨੀ ਦਿੱਤੀ। ਸਮੂਹ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਸੰਘਰਸ਼ ਤਿੱਖਾ ਕਰਨ ਦੀ ਅਪੀਲ ਕੀਤੀ। ਧਾਰਮਿਕ ਤੇ ਰਾਜਸੀ ਆਗੂਆਂ ਲਈ ਵੱਖੋ-ਵੱਖਰੀ ਸਟੇਜ ਲਗਾਈ ਗਈ। ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੁਖਬੀਰ ਸਿੰਘ ਬਾਦਲ, ਪ੍ਰੇਮ ਸਿੰਘ ਚੰਦੂਮਾਜਰਾ, ਹੀਰਾ ਸਿੰਘ ਗਾਬੜੀਆ, ਡਾਕਟਰ ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ। ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਪੁਰਬ ਦੀ ਮੁਬਾਰਕਬਾਦ ਦਿੱਤੀ। ਸੰਸਾਰ ਦੇ ਹਰ ਧਰਮ ਨੇ ਆਪਣਾ ਪ੍ਰਚਾਰ ਪ੍ਰਸਾਰ ਆਪਣੀਆਂ ਸੰਸਥਾਵਾਂ ਬਣਾ ਕੇ ਕੀਤਾ ਹੈ। ਸਾਡੀ ਖਾਸੀਅਤ ਹੈ ਕਿ ਸਾਨੂੰ ਸੰਸਥਾਵਾਂ ਸਾਡੇ ਗੁਰੂ ਸਾਹਿਬਾਨ ਨੇ ਸਥਾਪਿਤ ਕਰ ਕੇ ਦਿੱਤੀਆਂ ਹਨ। ਇਹ ਵੀ ਪੜ੍ਹੋ : ਭਗਤ ਸਿੰਘ ਏਅਰਪੋਰਟ 'ਤੇ ਲੋਕਾਂ ਦੇ ਹੱਕਾਂ ਦਾ ਘਾਣ, ਪਿਕਅੱਪ ਮੌਕੇ ਵਸੂਲਿਆ ਜਾਂਦਾ ਜਬਰੀ ਚਾਰਜ ਵਿਸ਼ੇਸ਼ ਇਕੱਤਰਤਾ ਦੌਰਾਨ ਚਾਰ ਮਤੇ ਪੇਸ਼ ਕੀਤੇ ਗਏ। ਪਹਿਲਾ ਮਤਾ ਗੁਰਚਰਨ ਸਿੰਘ ਗਰੇਵਾਲ ਵੱਲੋਂ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ। ਦੂਸਰਾ ਮਤਾ ਅਜਮੇਰ ਸਿੰਘ ਖੇੜਾ ਨੇ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਪੱਖਪਾਤ ਦੀ ਨੀਤੀ ਅਪਣਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਫ਼ੈਸਲਾ ਲੈਣ। ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਵੱਡਾ ਪੰਥਕ ਇੱਕਠ ਕਰਨ ਦਾ ਐਲਾਨ ਕੀਤਾ। ਜਲਦ ਹੀ ਤਰੀਕ ਦਾ ਐਲਾਨ ਹੋਵੇਗਾ। ਤੀਸਰਾ ਮਤਾ ਗੁਰਮੀਤ ਸਿੰਘ ਬੂਹ ਨੇ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਵੱਖਰੀ ਹਰਿਆਣਾ ਕਮੇਟੀ ਬਣਾਉਣ ਦਾ ਕੌਮ ਵਿਰੋਧੀ ਫੈਸਲਾ ਪ੍ਰਵਾਨ ਨਹੀਂ ਕੀਤਾ ਜਾਵੇਗਾ। ਸਰਕਾਰਾਂ ਨੂੰ ਅਗਾਹ ਕਰਦਾ ਹੈ ਸਿੱਖ ਗੁਰੁਦਆਰਾ ਐਕਟ 1925 ਦੇ ਮੱਦੇਨਜ਼ਰ ਵੱਖਰੀ ਕਮੇਟੀ ਦਾ ਐਕਟ ਰੱਦ ਕਰਨ ਦੀ ਮੰਗ ਕਰਦਾ ਹੈ। ਚੌਥਾ ਮਤਾ ਬੀਬੀ ਗੁਰਪ੍ਰੀਤ ਕੌਰ ਨੇ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਸਿੱਖ ਮਾਮਲਿਆਂ ਚ ਸਿਧਾ ਦਖਲ ਦੇ ਕੇ ਬਣਾਇਆ ਗਿਆ ਵੱਖਰੀ ਕਮੇਟੀ ਦਾ ਐਕਟ ਸਿੱਖ ਵਿਰੋਧੀ ਹੈ। ਜ਼ਿਲ੍ਹਾ ਪੱਧਰ ਉਤੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਤੇ ਵੱਡੇ ਇਕੱਠ ਕੀਤੇ ਜਾਣਗੇ। -PTC News