ਬਿਜਲੀ ਦੇ ਨਿੱਜੀਕਰਨ ਦਾ ਮਾਮਲਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ
ਅੰਮ੍ਰਿਤਸਰ : ਬਿਜਲੀ ਸੋਧ ਬਿੱਲ ਸੰਸਦ ਵਿੱਚ ਪੇਸ਼ ਕੀਤੇ ਜਾਣ ਦੇ ਖ਼ਦਸ਼ੇ ਕਾਰਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਉਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਇਸ ਤੋਂ ਇਲਾਵਾ ਕੱਥੂਨੰਗਲ ਟੋਲ ਪਲਾਜ਼ਾ ਉਤੇ ਵੀ ਰੋਸ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਕੁਲਜੀਤ ਸਿੰਘ ਨੇ ਕਿਹਾ ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਬਿਜਲੀ ਦਾ ਨਿੱਜੀਕਰਨ ਨਹੀਂ ਕੀਤਾ ਜਾਵੇਗਾ ਪਰ ਮੁੜ ਕੇਂਦਰ ਸਰਕਾਰ ਵਾਅਦਾਖ਼ਿਲਾਫ਼ੀ ਕਰਦੇ ਹੋਏ ਬਿਜਲੀ ਦਾ ਨਿੱਜੀਕਰਨ ਕਰਨ ਜਾ ਰਹੀ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਜਥੇਬੰਦੀ ਦੇ ਸੱਦੇ ਉਤੇ ਇਥੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਇਕੱਠੇ ਹੋਏ। ਇਸ ਮੌਕੇ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਫੈਡਰਲ ਢਾਂਤੇ ਉਤੇ ਵਾਰ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਬਿਜਲੀ ਨੂੰ ਨਿੱਜੀ ਹੱਥਾਂ ਵਿੱਚ ਫੜਾਉਣ ਦੀ ਤਿਆਰੀ ਕਰ ਰਹੀ ਹੈ। ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇ ਬਿੱਲ ਪਾਸ ਕੀਤਾ ਗਿਆ ਕਿਸਾਨ ਜਥੇਬੰਦੀਆਂ ਤਿੱਖਾ ਸੰਘਰਸ਼ ਵਿੱਢਣਗੀਆਂ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕੀਮਤ ਉਤੇ ਖੇਤੀ ਮਾਰੂ ਬਿੱਲ ਲਾਗੂ ਨਹੀਂ ਕਰਨ ਦਿੱਤਾ ਜਾਵੇਗਾ। ਰੇਲ ਰੋਕੋ ਅੰਦੋਲਨ ਆਰੰਭ ਕੀਤਾ ਜਾਵੇਗਾ। ਕਾਬਿਲੇਗੌਰ ਹੈ ਕਿ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਵੀ ਵਾਅਦਾ ਕੀਤਾ ਸੀ ਕਿ ਬਿਜਲੀ ਸੋਧ ਬਿੱਲ ਸੰਸਦ ਵਿੱਚ ਨਹੀਂ ਲਿਆਂਦਾ ਜਾਵੇਗਾ ਤੇ ਹੁਣ ਕਿਸਾਨ ਧਿਰਾਂ ਨਾਲ ਵੀ ਇਸ ਮਾਮਲੇ ਵਿੱਚ ਵਾਅਦਾਖ਼ਿਲਾਫ਼ੀ ਕੀਤੀ ਜਾ ਰਹੀ ਹੈ। ਬਿਜਲੀ ਸੋਧ ਬਿੱਲ ਜੇਕਰ ਐਕਟ ਦਾ ਰੂਪ ਧਾਰਨ ਕਰਦਾ ਹੈ ਤਾਂ ਸੂਬਿਆਂ ਵਿਚ ਬਿਜਲੀ ਦੀ ਵੰਡ ਦਾ ਖੇਤਰ ਨਿੱਜੀ ਕੰਪਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ ਅਤੇ ਸੂਬਾਈ ਬਿਜਲੀ ਰੈਗੂਲੇਟਰ ਕਮਿਸ਼ਨਾਂ ਦੇ ਹੱਥ ਵੀ ਬੰਨ੍ਹੇ ਜਾਣਗੇ। ਮਾਹਿਰ ਨੇ ਕਿਹਾ ਕਿ ਬੇਸ਼ੱਕ ਮੁੱਢਲੇ ਪੜਾਅ ਉਤੇ ਬਿਜਲੀ ਸੋਧ ਬਿੱਲ ਜ਼ਰੀਏ ਪ੍ਰਾਈਵੇਟ ਕੰਪਨੀਆਂ ਨੂੰ ਬਿਜਲੀ ਦੀ ਡਿਸਟ੍ਰੀਬਿਊਸ਼ਨ ਦਾ ਕੰਮ ਦਿੱਤਾ ਜਾਵੇਗਾ ਪਰ ਇਹ ਕੇਂਦਰ ਸਰਕਾਰ ਦਾ ਲੁਕਵਾਂ ਏਜੰਡਾ ਹੈ ਕਿਉਂਕਿ ਨਿੱਜੀਕਰਨ ਮਗਰੋਂ ਖਪਤਕਾਰਾਂ ਤੋਂ ਸਬਸਿਡੀਆਂ ਖੋਹ ਲਈਆਂ ਜਾਣਗੀਆਂ। ਪੰਜਾਬ ਵਿੱਚ ਵੀ ਉਹ ਦਿਨ ਦੂਰ ਨਹੀਂ ਜਦੋਂ ਕਿਸਾਨਾਂ ਕੋਲੋਂ ਮੁਫ਼ਤ ਬਿਜਲੀ ਦੀ ਸਹੂਲਤ ਖੁੱਸ ਜਾਵੇਗੀ। ਬਿਜਲੀ ਸੋਧ ਬਿੱਲ ਅਨੁਸਾਰ ਸੂਬੇ ਦਾ ਰੈਗੂਲੇਟਰ ਜੇਕਰ ਪ੍ਰਾਈਵੇਟ ਕੰਪਨੀਆਂ ਨੂੰ ਲਾਇਸੈਂਸ ਦੇਣ ਤੋਂ ਇਨਕਾਰ ਕਰੇਗਾ ਤਾਂ ਕੇਂਦਰੀ ਰੈਗੂਲੇਟਰੀ ਕਮਿਸ਼ਨ ਇਨ੍ਹਾਂ ਕੰਪਨੀਆਂ ਨੂੰ ਲਾਇਸੈਂਸ ਦੇ ਸਕੇਗਾ। ਇਸ ਲਿਹਾਜ਼ ਨਾਲ ਸੂਬਿਆਂ ਦੇ ਬਿਜਲੀ ਰੈਗੂਲੇਟਰ ਕਮਿਸ਼ਨ ਇੱਕ ਤਰ੍ਹਾਂ ਨਾਲ ਡੰਮੀ ਹੀ ਹੋ ਜਾਣਗੇ। ਇਹ ਵੀ ਪੜ੍ਹੋ : ਬਿਜਲੀ ਸੋਧ ਬਿੱਲ ਅੱਜ ਸੰਸਦ 'ਚ ਹੋ ਸਕਦਾ ਪੇਸ਼, ਕਿਸਾਨਾਂ ਨੇ ਵਾਅਦਾਖ਼ਿਲਾਫ਼ੀ ਦੇ ਲਗਾਏ ਦੋਸ਼