ਕੇਂਦਰ ਵੱਲੋਂ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ 'ਚ 110 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਦੇਸ਼ ਵਿੱਚ ਅਨਾਜ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕਰਕੇ ਕਿਸਾਨਾਂ ਨੂੰ ਦੀਵਾਲੀ ਉਤੇ ਵੱਡੀ ਰਾਹਤ ਦਿੱਤੀ ਹੈ। ਦੱਸ ਦੇਈਏ ਕਿ ਖੇਤੀ ਲਾਗਤਾਂ ਅਤੇ ਕੀਮਤਾਂ ਲਈ ਕਮਿਸ਼ਨ (ਸੀਏਸੀਪੀ) ਨੇ ਕਣਕ ਸਮੇਤ ਹਾੜ੍ਹੀ ਦੀਆਂ ਸਾਰੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 9% ਵਾਧੇ ਦੀ ਸਿਫ਼ਾਰਸ਼ ਕੀਤੀ ਸੀ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਸਾਂਝੀ ਕੀਤੀ। ਸਰਕਾਰ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ 2023-24 ਲਈ ਹਾੜੀ ਦੀਆਂ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਵੀ ਪੜ੍ਹੋ : ਮੂੰਗੀ ਦੀ ਫ਼ਸਲ ਸਾੜ ਕੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ, ਸਰਕਾਰ ਨੂੰ ਭੇਜਿਆ ਮੰਗ ਪੱਤਰ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸਾਲ 2023-24 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 110 ਰੁਪਏ ਦਾ ਵਾਧਾ ਕਰਕੇ 2,125 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਦੇ ਵਾਧੇ ਨੂੰ 5,450 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਜੂਟ ਦੇ ਐਮਐਸਪੀ ਵਿੱਚ 110 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਸੀਏਸੀਪੀ ਦੀਆਂ ਸਾਰੀਆਂ ਸਿਫ਼ਾਰਸ਼ਾਂ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। -PTC News