ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ 27 ਅਗਸਤ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
ਲੁਧਿਆਣਾ : ਟੈਂਡਰ ਘਪਲੇ ਵਿੱਚ ਨਾਮਜ਼ਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੰਜਾਬ ਦੇ ਸਾਬਕਾ ਮੰਤਰੀ ਤੇ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਤੇ ਤੇਲੂ ਰਾਮ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਨਾਜ ਲਿਫਟਿੰਗ ਘਪਲੇ ਸਬੰਧੀ ਲੁਧਿਆਣਾ ਦੀ ਅਦਾਲਤ ਸਾਹਮਣੇ ਵਿੱਚ ਕੀਤਾ ਗਿਆ। ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਅਦਾਲਤ ਵੱਲੋਂ ਆਸ਼ੂ ਨੂੰ 27 ਅਤੇ ਤੇਲੂ ਰਾਮ ਨੂੰ 25 ਅਗਸਤ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਵਿਜੀਲੈਂਸ ਵੱਲੋਂ ਪੇਸ਼ ਹੋਏ ਵਕੀਲ ਨੇ ਭਾਰਤ ਭੂਸ਼ਣ ਆਸ਼ੂ ਦਾ ਸੱਤ ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ, ਜਿਸ ਦੌਰਾਨ ਵਿਜੀਲੈਂਸ ਨੇ ਕਿਹਾ ਹੈ ਕਿ ਭਾਰਤ ਭੂਸ਼ਣ ਆਸ਼ੂ ਦੀਆਂ ਹਦਾਇਤਾਂ ਅਨੁਸਾਰ ਹੀ ਟੈਂਡਰ ਦਿੱਤੇ ਗਏ ਸਨ। ਡਿਪਟੀ ਡਾਇਰੈਕਟਰ ਤੇ ਉਸ ਦਾ ਪੀ.ਏ ਮੀਨੂੰ ਮਲਹੋਤਰਾ ਠੇਕੇਦਾਰ ਤੇਲੂ ਰਾਮ ਨਾਲ ਗੱਲਬਾਤ ਕਰਦਾ ਸੀ। ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਤੇ ਉਨ੍ਹਾਂ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਤੇਲੂ ਰਾਮ ਨਾਲ ਕੋਈ ਸਬੰਧ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨਾਲ ਕੋਈ ਮੁਲਾਕਾਤ ਹੋਈ ਹੈ। ਭਾਰਤ ਭੂਸ਼ਣ ਆਸ਼ੂ ਨੇ ਖੁਦ ਜੱਜ ਨੂੰ ਕਿਹਾ ਕਿ ਉਸ ਨੇ ਕੇਂਦਰ ਸਰਕਾਰ ਦੀਆਂ ਸਕੀਮਾਂ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਲਾਗੂ ਕੀਤਾ ਹੈ। ਆਸ਼ੂ ਦੇ ਵਕੀਲਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਜਦਕਿ ਉਨ੍ਹਾਂ ਦੇ ਖਿਲਾਫ ਕੋਈ ਸਬੂਤ ਨਹੀਂ ਹੈ। ਇਹ ਵੀ ਪੜ੍ਹੋ : ਸੰਗਰੂਰ ਮੈਡੀਕਲ ਕਾਲਜ ਮਾਮਲੇ 'ਤੇ ਹਾਈ ਕੋਰਟ ਵੱਲੋਂ ਸਥਿਤੀ ਜਿਉਂ ਦੀ ਤਿਉਂ ਬਣਾਉਣ ਦੇ ਹੁਕਮ ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬੀਤੇ ਦਿਨ ਵਿਜੀਲੈਂਸ ਵੱਲੋਂ ਲੁਧਿਆਣਾ ਦੇ ਇਕ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮੌਕੇ ਐਮਪੀ ਰਵਨੀਤ ਸਿੰਘ ਬਿੱਟੂ ਵਿਜੀਲੈਂਸ ਦੀ ਟੀਮ ਨਾਲ ਖਹਿਬੜ ਪਏ ਸਨ। -PTC News