ਵਿਆਹੁਤਾ ਦੀ ਭੇਤਭਰੇ ਹਾਲਾਤ 'ਚ ਮੌਤ, ਮਾਪਿਆਂ ਵੱਲੋਂ ਸਹੁਰਿਆਂ 'ਤੇ ਗੰਭੀਰ ਦੋਸ਼
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਮੁਹੱਲਾ ਅਸਲਾਮਾਬਾਦ ਦੀ ਇਕ ਵਿਆਹੁਤਾ ਦੀ ਭੇਤਭਰੇ ਹਾਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਮ੍ਰਿਤਕ ਲੜਕੀ ਦੇ ਪਰਿਵਾਰ ਦੇ ਬਿਆਨਾਂ ਉਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਲੜਕੀ ਦੇ ਮਾਪਿਆਂ ਵੱਲੋਂ ਲੜਕੀ ਦੇ ਸਹੁਰਾ ਪਰਿਵਾਰ ਉਤੇ ਉਸਦੀ ਹੱਤਿਆ ਕਰਨ ਦੇ ਦੋਸ਼ ਲਾਏ ਗਏ ਹਨ। ਜਾਣਕਾਰੀ ਦਿੰਦਿਆਂ ਲੜਕੀ ਦੀ ਮਾਤਾ ਦਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਲੜਕੀ ਦਾ ਵਿਆਹ ਸਾਲ 2017 ਵਿਚ ਹੁਸ਼ਿਆਰਪੁਰ ਦੇ ਮੁਹੱਲਾ ਅਸਲਾਮਾਬਾਦ ਵਿਖੇ ਕੀਤਾ ਗਿਆ ਸੀ ਤੇ ਵਿਆਹ ਤੋਂ ਬਾਅਦ ਲੜਕੀ ਦੇ ਘਰ ਇਕ ਬੱਚੇ ਨੇ ਜਨਮ ਲਿਆ ਸੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਦੀ ਲੜਕੀ ਨੂੰ ਸਹੁਰਾ ਪਰਿਵਾਰ ਵੱਲੋਂ ਦਾਜ ਲਈ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ ਤੇ ਬੀਤੀ ਰਾਤ ਵੀ ਲੜਕੀ ਦੇ ਘਰਵਾਲੇ ਵੱਲੋਂ ਫੋਨ ਉਤੇ ਲੜਕੀ ਦੀ ਸਿਹਤ ਖ਼ਰਾਬ ਹੋਣ ਦੀ ਗੱਲ ਕਹੀ ਗਈ ਸੀ ਤੇ ਜਦੋਂ ਉਹ ਫਗਵਾੜਾ ਤੋਂ ਇਥੇ ਪਹੁੰਚੇ ਤਾਂ ਲੜਕੀ ਦੀ ਮੌਤ ਹੋ ਚੁੱਕੀ ਸੀ। ਮਾਪੇ ਪਰਿਵਾਰ ਨੇ ਲੜਕੀ ਦੇ ਸਹੁਰਾ ਪਰਿਵਾਰ ਤੇ ਲੜਕੀ ਦੀ ਹੱਤਿਆ ਕਰਨ ਦੇ ਦੋਸ਼ ਲਾਏ ਹਨ ਤੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਗਾਏ ਕਿ ਲੜਕੀ ਦੇ ਪਤੀ, ਸੱਸ ਸਹੁਰਾ ਅਤੇ ਨਨਾਣਾਂ ਵੱਲੋਂ ਲਗਾਤਾਰ ਉਸਨੂੰ ਬੇਵਜ੍ਹਾ ਤੰਗ ਕੀਤਾ ਜਾ ਰਿਹਾ ਸੀ। ਦੂਜੇ ਪਾਸੇ ਥਾਣਾ ਸਦਰ ਦੇ ਐਸਐਚਓ ਜੈਪਾਲ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਪੀੜਤਾਂ ਦੇ ਬਿਆਨਾਂ ਦੇ ਆਧਾਰ ਉਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। -PTC News ਇਹ ਵੀ ਪੜ੍ਹੋ : ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਉਸਾਰੀ ਨੂੰ ਰੋਕਣ ਗਈ ਨਿਗਮ ਦੀ ਟੀਮ ’ਤੇ ਹਮਲਾ