ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਕਾਨੂੰਨੀ ਲੜਾਈ ਤੇਜ਼ ਕਰਨ ਦਾ ਫ਼ੈਸਲਾ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੇ ਰਾਜਸੀ ਪਹੁੰਚ ਦੀ ਨੀਤੀ ਦੇ ਨਾਲ-ਨਾਲ ਕਾਨੂੰਨੀ ਲੜਾਈ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਚੰਡੀਗੜ੍ਹ ਵਿਚ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸੇਵਾ ਮੁਕਤ ਸਿੱਖ ਜੱਜਾਂ ਤੇ ਸੀਨੀਅਰ ਵਕੀਲਾਂ ਨਾਲ ਵਿਸ਼ੇਸ਼ ਬੈਠਕ ਮਗਰੋਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਮਲਾ ਕੌਮ ਦਾ ਸਭ ਤੋਂ ਅਹਿਮ ਮਾਮਲਾ ਹੈ, ਕਿਉਂਕਿ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਸਿੱਖ ਬੰਦੀਆਂ ਨੂੰ ਛੱਡਿਆ ਨਹੀਂ ਜਾ ਰਿਹਾ ਹੈ। ਇਸ ਸਬੰਧ ਵਿਚ ਕਾਨੂੰਨੀ ਮਾਹਿਰਾਂ ਨੇ ਬੈਠਕ ਦੌਰਾਨ ਅਹਿਮ ਸੁਝਾਅ ਦਿੱਤੇ ਹਨ, ਜਿਸ ਤਹਿਤ ਕਾਨੂੰਨੀ ਲੜਾਈ ਅੱਗੇ ਵਧਾਈ ਜਾਵੇਗੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਭਾਵੇਂ ਪਹਿਲਾਂ ਹੀ ਬੰਦੀ ਸਿੰਘਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ ਪਰ ਹੁਣ ਵੱਖ-ਵੱਖ ਕਾਨੂੰਨੀ ਪਹਿਲੂਆਂ ਦੇ ਮੱਦੇਨਜ਼ਰ ਸਮੂਹਕ ਤੌਰ ਉਤੇ ਸਿੱਖ ਬੰਦੀਆਂ ਦਾ ਕੇਸ ਰੱਖਿਆ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਬਿਹਤਰੀਨ ਸੁਝਾਅ ਪ੍ਰਾਪਤ ਹੋਏ ਹਨ ਤੇ ਆਉਂਦੇ ਦਿਨਾਂ ਵਿਚ ਇਕੱਤਰਤਾ ਮੁੜ ਬੁਲਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਲੰਮੇ ਅਰਸੇ ਤੋਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਤੋਂ ਇਲਾਵਾ ਮੌਜੂਦਾ ਸਮਿਆਂ ਦੌਰਾਨ ਕਈ ਕੇਸਾਂ ਵਿਚ ਫਸਾਏ ਗਏ ਸਿੱਖ ਨੌਜਵਾਨਾਂ ਨੂੰ ਛੁਡਾਉਣ ਲਈ ਵੀ ਯਤਨ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਬੰਦੀ ਸਿੰਘਾਂ ਦੇ ਵਿਰੋਧ ਵਿਚ ਭੁਗਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਬੰਦੀ ਸਿੰਘਾਂ ਨਾਲ ਹਮਦਰਦੀ ਰੱਖਦੀ ਹੁੰਦੀ ਤਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਕ ਆਦੇਸ਼ ਉਤੇ ਬਾਹਰ ਆ ਸਕਦੇ ਹਨ। ਇੰਨਾ ਹੀ ਨਹੀਂ ਅਰਵਿੰਦ ਕੇਜਰੀਵਾਲ ਦੇ ਕੋਲ ਉਹ (ਐਡਵੋਕੇਟ ਧਾਮੀ) ਖੁਦ ਵਫ਼ਦ ਲੈ ਕੇ ਪੁੱਜੇ ਸਨ ਪਰ ਉਸ ਨੇ ਮਿਲਣਾ ਵੀ ਮੁਨਾਸਿਬ ਨਹੀਂ ਸਮਝਿਆ। ਦੂਜੇ ਪਾਸੇ ਕਾਂਗਰਸ ਦੇ ਆਗੂਆਂ ਵੱਲੋਂ ਵੀ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਬੰਦੀਆਂ ਦਾ ਮਾਮਲਾ ਹਾਲਾਤ ਵਿਚੋਂ ਨਿਕਲੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤੇ ਇਹ ਗੱਲ ਸਰਕਾਰਾਂ ਨੂੰ ਸਮਝਣੀ ਚਾਹੀਦੀ ਹੈ। ਇਹ ਵੀ ਪੜ੍ਹੋ : ਰੇਲਵੇ ਸਟੇਸ਼ਨ ਕੋਲ ਸ਼ਰਾਬ 'ਚ ਟੱਲੀ ਪਰਵਾਸੀ ਨੌਜਵਾਨ ਨੇ ਪਾਇਆ ਭੜਥੂ ਐਡਵੋਕੇਟ ਧਾਮੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਕੀਤੀ ਗਈ ਬੈਠਕ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਕੁਲਵੰਤ ਸਿੰਘ ਮੰਨਣ, ਚਰਨਜੀਤ ਸਿੰਘ ਕਾਲੇਵਾਲ ਵੱਖ-ਵੱਖ ਸੇਵਾ ਮੁਕਤ ਜੱਜਾਂ ਤੋਂ ਇਲਾਵਾ ਸੀਨੀਅਰ ਐਡਵੋਕੇਟ ਜੀਐਸ ਬੱਲ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਸੀਨੀਅਰ ਐਡਵੋਕੇਟ ਗੁਰਿੰਦਰ ਸਿੰਘ ਪੁਨੀਆਂ, ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ, ਐਡਵੋਕੇਟ ਪਰਮਜੀਤ ਸਿੰਘ ਥਿਆੜਾ, ਐਡਵੋਕੇਟ ਨਵਕਿਰਨ ਸਿੰਘ, ਐਡਵੋਕੇਟ ਪੁਨੀਤ ਕੌਰ ਸੇਖੋਂ, ਐਡਵੋਕੇਟ ਪਰਮਜੀਤ ਸਿੰਘ ਬਰਾੜ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਬਲਜਿੰਦਰ ਸਿੰਘ ਸੋਢੀ, ਐਡਵੋਕੇਟ ਬੀਐਸ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਲਖਵੀਰ ਸਿੰਘ ਆਦਿ ਮੌਜੂਦ ਸਨ। -PTC News