ਭਾਰਤ ਭੂਸ਼ਣ 'ਤੇ ਲੱਗੇ ਘਪਲੇ ਦੇ ਦੋਸ਼ਾਂ ਸਬੰਧੀ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਦਾਖ਼ਲ ਕੀਤਾ ਆਪਣਾ ਜਵਾਬ
ਚੰਡੀਗੜ੍ਹ : ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦੇਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਘਪਲੇ ਦੇ ਦੋਸ਼ਾਂ ਵਿੱਚ ਘਿਰੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਉਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ। ਇਸ ਨੂੰ ਲੈ ਕੇ ਉਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਅੱਜ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦੱਸਿਆ ਕਿ ਆਸ਼ੂ ਖਿਲਾਫ਼ 18 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 8 ਅਗਸਤ ਉਤੇ ਪਾ ਦਿੱਤੀ ਹੈ। ਕਾਬਿਲੇਗੌਰ ਹੈ ਕਿ ਭਾਰਤ ਭੂਸ਼ਣ ਆਸ਼ੂ 'ਤੇ ਦੋ ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਮੰਤਰੀ ’ਤੇ ਠੇਕੇਦਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਗੜਬੜੀ ਦੇ ਦੋਸ਼ ਲਾਏ ਗਏ ਸਨ। ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਸਨ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਪੰਜਾਬ ਵਿਜੀਲੈਂਸ ਬਿਊਰੋ ਇਸ ਦੀ ਜਾਂਚ ਕਰ ਰਿਹਾ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਾਅਦ ਆਸ਼ੂ ਤੀਜੇ ਮੰਤਰੀ ਹਨ, ਜਿਨ੍ਹਾਂ ਖਿਲਾਫ ਵਿਜੀਲੈਂਸ ਨੇ ਜਾਂਚ ਸ਼ੁਰੂ ਕੀਤੀ ਹੈ। ਇਸ ਤੋਂ ਪਹਿਲਾਂ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਤੋਂ ਬਾਅਦ ਜੰਗਲਾਤ ਮੰਤਰੀ ਬਣੇ ਸੰਗਤ ਸਿੰਘ ਗਿਲਜੀਆਂ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਇਆ ਸੀ। ਧਰਮਸੋਤ ਨੂੰ ਪੁਲਿਸ ਗ੍ਰਿਫਤਾਰ ਕਰ ਚੁੱਕੀ ਹੈ ਗਿਲਜੀਆਂ ਨੂੰ ਪੁਲਿਸ ਫੜ ਨਹੀਂ ਪਾਈ ਹੈ। ਇਸ ਤੋਂ ਇਲਾਵਾ ਗਿਲਜ਼ੀਆ ਦੇ ਰਿਸ਼ਤੇਦਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਵੀ ਪੜ੍ਹੋ : ਸਵਿਤਾ ਕੰਸਵਾਲ ਮਹਿਜ਼ 16 ਦਿਨਾਂ 'ਚ ਮਾਊਂਟ ਐਵਰੈਸਟ ਤੇ ਮਾਊਂਟ ਮਕਾਲੁ ਚੋਟੀਆਂ ਫਤਹਿ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ