SGPC ਵੱਲੋਂ ਦੇਸ਼ ਦੇ ਬਟਵਾਰੇ ਸਮੇਂ ਮਾਰੇ ਗਏ ਲੋਕਾਂ ਦੀ ਯਾਦ 'ਚ ਅਰਦਾਸ ਸਮਾਗਮ
ਪਟਿਆਲਾ : ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਉਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ 1947 ਦੇਸ਼ ਦੀ ਵੰਡ ਸਮੇਂ ਮਾਰੇ ਗਏ 10 ਲੱਖ ਪੰਜਾਬੀਆਂ ਦੀ ਯਾਦ ’ਚ ਅਰਦਾਸ ਸਮਾਗਮ ਕੀਤਾ ਗਿਆ। ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਰਾਹੀਂ ਨਿਹਾਲ ਕੀਤਾ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੇਸ਼ ਦੀ ਵੰਡ ਸਮੇਂ ਮਾਰੇ ਗਏ ਪੰਜਾਬੀਆਂ ਨੂੰ ਯਾਦ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੋ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਨੇ ਮੁੱਖਵਾਕ ਲਿਆ। ਅਰਦਾਸ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵਿਚ ਜ਼ਿਲ੍ਹਾ ਇੰਚਾਰਜ ਸੁਰਜੀਤ ਸਿੰਘ ਰੱਖੜਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਚ ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਉਚੇਚੇ ਤੌਰ ਉਤੇ ਪੁੱਜਕੇ ਜਾਨਾਂ ਗਵਾਉਣ ਵਾਲੇ ਪੰਜਾਬੀਆਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਗਿਆ। ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਤੇ ਦੇਸ਼ ਦੀ ਵੰਡ ਤੋਂ ਬਾਅਦ ਉਜਾੜੇ ਦਾ ਸੰਤਾਪ ਹੰਢਾਉਣ ਦੇ ਨਾਲ-ਨਾਲ ਵੱਡਾ ਨੁਕਸਾਨ ਪੰਜਾਬੀ ਪਰਿਵਾਰਾਂ ਨੇ ਝੱਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਅਣਖ ਤੇ ਗੈਰਤ ਨਾਲ ਜਾਤ-ਪਾਤ ਤੋਂ ਉਪਰ ਉਠ ਕੇ ਆਪਣੀਆਂ ਸ਼ਹਾਦਤਾਂ ਦਿੱਤੀਆਂ, ਜਿਸ ਨੂੰ ਕਦੇ ਵੀ ਅਣਦੇਖਿਆ ਨਹੀਂ ਕੀਤਾ ਜਾ ਸਕਦਾ। ਇਕੱਠ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੀ ਵੰਡ ਸਮੇਂ ਅਜ਼ਾਦੀ ਪ੍ਰਾਪਤ ਕਰਨ ਲਈ ਪੰਜਾਬੀਆਂ ਨੇ ਆਪਣਾ ਖ਼ੂਨ ਡੋਲ੍ਹਿਆ ਤੇ ਖਾਲਸਾ ਪੰਥ ਨੇ ਆਪਣਾ ਗੌਰਵ ਵਧਾਇਆ, ਜਿਸ ਉਤੇ ਸਾਰਿਆਂ ਨੂੰ ਮਾਣ ਮਹਿਸੂਸ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਵੰਡ ਦਾ ਸੰਤਾਪ ਹੰਢਾਇਆ ਇਥੋਂ ਤੱਕ ਆਪਣੀਆਂ ਜਾਨਾਂ ਗੁਆਈਆਂ, ਜ਼ਮੀਨਾਂ ਜਾਇਦਾਦਾਂ ਅਤੇ ਘਰਾਂ ਤੋਂ ਇਲਾਵਾ ਗੁਰਧਾਮ ਵੀ ਛੱਣਗੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੀ ਵੰਡ ਦੀ ਜ਼ਖਮ ਅਜੇ ਵੀ ਅੱਲ੍ਹੇ ਹਨ। ਇਸ ਮੌਕੇ ਜ਼ਿਲ੍ਹਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰਾਂ ਨੂੰ ਪੰਜਾਬੀਆਂ ਦੇ ਇਸ ਦਰਦ ਨੂੰ ਸਮਝਣਾ ਚਾਹੀਦਾ ਹੈ। ਰੱਖੜਾ ਨੇ ਕਿਹਾ ਕਿ ਸਰਕਾਰਾਂ ਹਮੇਸ਼ਾ ਬੇਰੁਖੀ ਵਰਤਦੀਆਂ ਰਹੀਆਂ ਹਨ ਤੇ ਕੌਮ ਦੇ ਦਰਦ ਨੂੰ ਘੱਟ ਕਰਨ ਲਈ ਸਿੱਖਾਂ ਪ੍ਰਤੀ ਸੰਜੀਦਗੀ ਭਰੇ ਫ਼ੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਸਭ ਤੋਂ ਵੱਡਾ ਮਸਲਾ ਹੈ, ਜਿਨ੍ਹਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਜਲਦ ਫੈਸਲਾ ਲਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮੁਕਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ. ਮੈਨੇ. ਗੁਰਮੀਤ ਸਿੰਘ ਸੁਨਾਮ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਗੁਰਦੀਪ ਸਿੰਘ ਸ਼ੇਖੂਪੁਰ, ਸੁਖਬੀਰ ਸਿੰਘ ਅਬਲੋਵਾਲ, ਜਸਵਿੰਦਰਪਾਲ ਸਿੰਘ ਚੱਢਾ, ਸੰਦੀਪ ਸਿੰਘ ਰਾਜਾ ਤੂੜ, ਪਲਵਿੰਦਰ ਸਿੰਘ ਰਿੰਕੂ, ਗੁਰਜੀਤ ਸਿੰਘ ਉਪਲੀ, ਭਰਪੂਰ ਸਿੰਘ ਮਹਿਤਾਬਗੜ੍ਹ, ਸੁਖਵਿੰਦਰਪਾਲ ਸਿੰਘ ਮਿੰਟਾ, ਭੁਪਿੰਦਰ ਸਿੰਘ ਫਰਾਂਸਵਾਲਾ ਅਤੇ ਕੇਹਰ ਸਿੰਘ ਮਾੜੂ ਆਦਿ ਪੁੱਜੇ ਹੋਏ ਸਨ। ਰਿਪੋਰਟ-ਗਗਨਦੀਪ ਆਹੂਜਾ -PTC News ਇਹ ਵੀ ਪੜ੍ਹੋ : ਮਾਨ ਸਰਕਾਰ ਨੇ 25 ਹੋਰ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ