ਭਾਈ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਜਲਦੀ ਫੈਸਲਾ ਲੈਣ ਦਾ ਹੁਕਮ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਮੌਤ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘਟਾਉਣ ਦੀ ਅਰਜ਼ੀ 'ਤੇ ਜਲਦ ਫ਼ੈਸਲਾ ਲਵੇ। ਸੁਪਰੀਮ ਕੋਰਟ ਨੇ ਕਿਹਾ ਕਿ 2 ਮਈ ਦੇ ਹੁਕਮ ਅਨੁਸਾਰ ਫ਼ੈਸਲਾ ਲੈਣ ਲਈ 2 ਮਹੀਨੇ ਦੀ ਦਿੱਤੀ ਗਈ ਮਿਆਦ ਪਹਿਲਾਂ ਹੀ ਖ਼ਤਮ ਹੋ ਚੁੱਕੀ ਹੈ ਹੁਣ ਤੁਹਾਨੂੰ ਫ਼ੈਸਲਾ ਲੈਣਾ ਹੀ ਪਵੇਗਾ। ਕੋਰਟ ਨੇ ਸਰਕਾਰ ਨੂੰ ਵੀਰਵਾਰ ਯਾਨੀ 29 ਤਰੀਕ ਤਕ ਹਲਫ਼ਨਾਮਾ ਦਾਖ਼ਲ ਕਰਨ ਨੂੰ ਕਿਹਾ ਹੈ। ਜ਼ਿਕਰਯੋਗ ਹੈ ਕਿ ਭਾਈ ਰਾਜੋਆਣਾ ਨੂੰ 31 ਅਗਸਤ 1995 ਨੂੰ ਸਿਵਲ ਸਕੱਤਰੇਤ ਦੇ ਬਾਹਰ ਹੋਏ ਇਕ ਧਮਾਕੇ 'ਚ ਸ਼ਾਮਲ ਹੋਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਇਸ ਵਿਸਫੋਟ 'ਚ ਬੇਅੰਤ ਸਿੰਘ ਤੇ 16 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਸਿੱਖ ਸੰਗਤਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਫਿਰ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਜਥੇਬੰਦੀਆਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਤਾਂ ਉਹ ਆਪਣੇ ਘਰਾਂ ਵਾਪਸ ਪਰਤ ਸਕਣ। ਇਹ ਵੀ ਪੜ੍ਹੋ:ਭਾਈ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਜਲਦੀ ਫੈਸਲਾ ਲੈਣ ਦਾ ਹੁਕਮ -PTC News