ਯੂਥ ਅਕਾਲੀ ਦਲ ਨੇ SYL ਤੇ ਰਿਹਾਈ ਗਾਣੇ ਤੋਂ ਪਾਬੰਦੀ ਹਟਾਉਣ ਲਈ ਡੀਸੀ ਨੂੰ ਮੰਗ ਪੱਤਰ ਦਿੱਤਾ
ਫਤਹਿਗੜ੍ਹ ਸਾਹਿਬ : ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਗਾਣੇ 'ਐਸਵਾਈਐਲ' ਤੇ ਕੰਵਰ ਗਰੇਵਾਲ ਦੇ ਗਾਣੇ 'ਰਿਹਾਈ' ਉਪਰ ਕੇਂਦਰ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਨੂੰ ਤੁਰੰਤ ਹਟਾਏ ਜਾਣ ਸਬੰਧੀ ਅੱਜ ਯੂਥ ਅਕਾਲੀ ਦਲ ਵੱਲੋਂ ਰਾਜਪਾਲ ਦੇ ਨਾਂ ਡੀਸੀ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਜ਼ਿਲ੍ਹਾ ਯੂਥ ਪ੍ਰਧਾਨ ਸਰਬਜੀਤ ਝਿੰਜਰ, ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਕਰਨੈਲ ਸਿੰਘ ਪੰਜੋਲੀ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਸ਼ਾਮਿਲ ਸਨ। ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗਾਣੇ 'ਤੇ ਬੈਨ ਤੋਂ ਬਾਅਦ ਗਾਇਕ ਕੰਵਰ ਗਰੇਵਾਲ ਦੇ 'ਰਿਹਾਈ' ਗਾਣੇ 'ਤੇ ਪਾਬੰਦੀ ਵੀ ਲਗਾ ਦਿੱਤੀ ਗਈ ਸੀ। ਯੂਟਿਊਬ ਵੱਲੋਂ ਭਾਰਤ 'ਚ ਇਹ ਗਾਣਾ ਬੈਨ ਕਰ ਦਿੱਤਾ ਗਿਆ ਸੀ। ਇਸ ਗਾਣੇ 'ਚ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਆਖੀ ਗਈ ਸੀ ਅਤੇ ਭਾਰਤ ਸਰਕਾਰ ਵੱਲੋਂ ਕਾਨੂੰਨੀ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਸੀ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਗਾਇਕ ਸਿੱਧੂ ਮੂਸੇਵਾਲਾ ਦੇ ਗਾਣੇ SYL ਉਤੇ ਪਾਬੰਦੀ ਲਾਈ ਗਈ ਸੀ। ਇਸ ਗਾਣੇ ਵਿੱਚ ਹਰਿਆਣਾ ਤੇ ਪੰਜਾਬ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਉਠਾਇਆ ਗਿਆ ਸੀ। ਇਸ ਤੋਂ ਇਲਾਵਾ ਦੇਸ਼ ਵਿਦੇਸ਼ 'ਚ ਮਨੁੱਖਤਾ ਦੀ ਸੇਵਾ ਕਰਨ ਵਾਲੀ ਸੰਸਥਾ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਵੀ ਭਾਰਤ 'ਚ ਬੈਨ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਕਿਸਾਨਾਂ ਦੀ ਹਮਾਇਤ ਕਰਨ ਵਾਲਾ ‘ਟਰੈਟਰ ਟੂ ਟਵਿੱਟਰ’ ਅਕਾਊਂਟ ਵੀ ਬੰਦ ਕਰ ਦਿੱਤਾ ਗਿਆ ਸੀ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਸਵਾਈਐਲ ਅਤੇ ਰਿਹਾਈ ਗਾਣੇ ਉਤੇ ਲਗਾਈ ਗਈ ਪਾਬੰਦੀ ਨੂੰ ਵਿਚਾਰਾਂ ਦੇ ਪ੍ਰਗਟਾਵੇ ਨੂੰ ਰੋਕਣ ਐਲਾਨਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਬੋਲਣ ਉਤੇ ਪਾਬੰਦੀ ਲਗਾਈ ਜਾ ਰਹੀ ਹੈ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ। ਇਸ ਨੂੰ ਲੈ ਕੇ ਅਕਾਲੀ ਦਲ ਟਰੈਕਟਰ ਮਾਰਚ ਕੱਢੇਗਾ। ਇਹ ਵੀ ਪੜ੍ਹੋ : ਕੈਬਨਿਟ ਦੀ ਸਬ-ਕਮੇਟੀ ਦੀ ਮੀਟਿੰਗ, ਵੱਖ-ਵੱਖ ਵਿਭਾਗਾਂ ਤੋਂ ਕੱਚੇ ਮੁਲਾਜ਼ਮ ਦਾ ਮੰਗਿਆ ਡਾਟਾ, ਰੈਗੂਰਲ ਕਰਨ ਦੀ ਪ੍ਰਕਿਰਿਆ ਸ਼ੁਰੂ