ਕੇਜਰੀਵਾਲ ਦੇ ਇਸ਼ਾਰੇ 'ਤੇ ਤਿਹਾੜ ਜੇਲ੍ਹ ਦੇ ਡੀਜੀਪੀ ਗੈਂਗਸਟਰਾਂ ਨੂੰ ਦੇ ਰਹੇ ਸ਼ਹਿ: ਸੁਖਜਿੰਦਰ ਰੰਧਾਵਾ
ਗੁਰਦਾਸਪੁਰ, 10 ਅਕਤੂਬਰ: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਲਗਾਤਾਰ ਘਿਰਦੀ ਨਜ਼ਰ ਆ ਰਹੀ ਹੈ। ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਕਈ ਵਾਰ ਕਹਿ ਚੁੱਕੇ ਹਨ ਕਿ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ ਅਤੇ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਪਿੱਛੇ ਵੀ ਇੱਕ ਸਾਜ਼ਿਸ਼ ਦੱਸੀ ਜਾ ਰਹੀ ਹੈ। ਗੁਰਦਾਸਪੁਰ ਪਹੁੰਚੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦੇ ਪਿੱਛੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਉਨ੍ਹਾਂ ਕਿਹਾ ਕਿ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਆਮ ਆਦਮੀ ਪਾਰਟੀ ਦੇ ਗੁੰਡੇ ਹਨ। ਗੁਰਦਾਸਪੁਰ ਪਹੁੰਚੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੈਂਗਸਟਰਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਤਿਹਾੜ ਜੇਲ 'ਚ ਬੰਦ ਗੈਂਗਸਟਰ ਕੇਜਰੀਵਾਲ ਦੇ ਗੁੰਡੇ ਹਨ, ਇਸ ਲਈ ਪੰਜਾਬ 'ਚ ਗੈਂਗਵਾਰ ਅਤੇ ਗੋਲੀਬਾਰੀ ਆਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਤਿਹਾੜ ਜੇਲ੍ਹ ਦਾ ਡੀਜੀਪੀ ਇਨ੍ਹਾਂ ਗੈਂਗਸਟਰਾਂ ਦਾ ਪੱਖ ਲੈ ਰਿਹਾ ਹੈ। ਚੋਣਾਂ ਦੌਰਾਨ ਵੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਨੇ ਉਨ੍ਹਾਂ ਦੇ ਹਲਕੇ ਦੇ ਲੋਕਾਂ ਨੂੰ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਉਨ੍ਹਾਂ ਇਸ ਬਾਬਤ ਤਿਹਾੜ ਜੇਲ੍ਹ ਦੇ ਡੀਜੀਪੀ ਨੂੰ ਵੀ ਸੂਚਿਤ ਕੀਤਾ ਸੀ। ਇਸ ਲਈ ਉਨ੍ਹਾਂ ਮੰਗ ਕੀਤੀ ਹੈ ਕਿ ਜੇਕਰ ਪੰਜਾਬ 'ਚੋਂ ਗੈਂਗਸਟਰਾਂ ਦਾ ਖਾਤਮਾ ਕਰਨਾ ਹੈ ਤਾਂ ਸਭ ਤੋਂ ਪਹਿਲਾਂ ਤਿਹਾੜ ਜੇਲ੍ਹ ਦੇ ਡੀਜੀਪੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਮਨਪ੍ਰੀਤ ਮੰਨਾ ਕੋਲੋਂ ਫਿਰੋਜ਼ਪੁਰ ਜੇਲ੍ਹ ਵਿੱਚੋਂ ਦੋ ਮੋਬਾਈਲਾਂ ਫੋਨ ਬਰਾਮਦ ਹੋਏ ਹਨ। ਜਦੋਂ ਕਿ ਫਿਰੋਜ਼ਪੁਰ ਜੇਲ੍ਹ ਵਿੱਚ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ ਪਰ ਗੈਂਗਸਟਰਾਂ ਤੋਂ ਮੋਬਾਈਲ ਫੋਨ ਮਿਲਣਾ ਅਤੇ ਗੈਂਗਸਟਰਾਂ ਦਾ ਭੱਜਣਾ ਪੰਜਾਬ ਸਰਕਾਰ ਦੀ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਸਿੱਧੂ ਮੂਸੇਵਾਲੇ ਦਾ ਪਰਿਵਾਰ ਕਹਿ ਰਿਹਾ ਹੈ ਕਿ ਇਸ ਸਰਕਾਰ ਵਿੱਚ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। -PTC News