ਜਥੇਦਾਰ ਤੋਤਾ ਸਿੰਘ ਨੂੰ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ
ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨਅਰ ਆਗੂ ਸਵ. ਜਥੇਦਾਰ ਤੋਤਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਕਈ ਸਮਾਜਕ ਤੇ ਸਿਆਸੀ ਸ਼ਖ਼ਸੀਅਤਾਂ ਨੇ ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਵ. ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕੀਤੀ। ਉਨ੍ਹਾਂ ਨੇ ਹਮੇਸ਼ਾ ਸੱਚ ਉਤੇ ਪਹਿਰਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਇਕੱਠ ਨੂੰ ਵੇਖ ਕੇ ਉਨ੍ਹਾਂ ਦੀ ਸੇਵਾਭਾਵਨਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਤੋਤਾ ਸਿੰਘ ਦੇ ਜਾਣ ਦਾ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਆਪਣੇ ਹਮਾਇਤੀਆਂ ਦੇ ਕੰਮ ਕਰਵਾਉਣ ਲਈ ਪਾਰਟੀ ਅੱਗੇ ਅੜ ਜਾਂਦੇ ਸਨ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸਿੰਘ ਦਾ ਪੁੱਤਰ ਵੀ ਬਹੁਤ ਮਿਹਨਤੀ ਆਗੂ ਹਨ। ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਮੈਨੂੰ ਵੀ ਨਿੱਜੀ ਤੌਰ 'ਤੇ ਇੱਕ ਚੰਗੇ ਮਾਰਗਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਜਥੇਦਾਰ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ। ਮੈਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹਾ ਹਾਂ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਲਜਿੰਦਰ ਸਿੰਘ ਮੱਖਣ ਦਾ ਵਿਸ਼ੇਸ਼ ਤੌਰ ਉਤੇ ਸਨਮਾਨ ਕੀਤਾ ਗਿਆ। ਇਸ ਮੌਕੇ ਬਲਜਿੰਦਰ ਸਿੰਘ ਬਰਾੜ ਨੇ ਸੰਗਤ ਦਾ ਧੰਨਵਾਦ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤੋਤਾ ਸਿੰਘ ਦਾ 21 ਮਈ ਨੂੰ ਦੇਹਾਂਤ ਹੋ ਗਿਆ ਸੀ। ਉਹ 81 ਵਰ੍ਹਿਆਂ ਦੇ ਸਨ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਮੁਹਾਲੀ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਇਹ ਵੀ ਪੜ੍ਹੋ : ਪੰਜਾਬ 'ਚ ਵਧਣ ਲੱਗਾ ਕੋਰੋਨਾ ਦਾ ਕਹਿਰ, 3 ਦਿਨਾਂ 'ਚ ਐਕਟਿਵ ਕੇਸ 109 ਤੋਂ ਵਧ ਕੇ ਹੋਏ 130