ਯੂਕਰੇਨ ਸੰਕਟ ; ਭਾਰਤੀ ਵਿਦਿਆਰਥੀ ਪੋਲੈਂਡ ਯੂਨੀਵਰਸਿਟੀਆਂ 'ਚ ਪੜ੍ਹਾਈ ਕਰਨਗੇ ਪੂਰੀ : ਵੀਕੇ ਸਿੰਘ
ਨਵੀਂ ਦਿੱਲੀ : ਰੂਸ ਵੱਲੋਂ ਯੂਕਰੇਨ ਉਤੇ ਕੀਤੇ ਗਏ ਹਮਲੇ ਕਾਰਨ ਉਥੇ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਦੇਸ਼ ਵਾਪਸ ਲਿਆਉਣ ਲਈ ਭਾਰਤ ਸਰਕਾਰ ਵੱਲੋਂ ਚਾਰ ਕੇਂਦਰੀ ਮੰਤਰੀਆਂ ਨੂੰ ਯੂਕਰੇਨ ਦੇ ਵੱਖ-ਵੱਖ ਗੁਆਂਢੀ ਦੇਸ਼ਾਂ ਵਿੱਚ ਭੇਜਿਆ ਗਿਆ ਹੈ। ਇਸ ਤਹਿਤ ਹੀ ਪੋਲੈਂਡ ਪਹੁੰਚੇ ਕੇਂਦਰੀ ਮੰਤਰੀ ਜਨਰਲ ਵੀ.ਕੇ. ਸਿੰਘ ਨੇ ਦੱਸਿਆ ਕਿ ਉਹ ਉਥੇ ਭਾਰਤੀ ਵਿਦਿਆਰਥੀਆਂ ਨੂੰ ਮਿਲੇ ਹਨ ਅਤੇ ਉਨ੍ਹਾਂ ਨੂੰ ਹੌਸਲਾ ਵੀ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਡੇ ਪੱਧਰ ਉਤੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਕੱਢਣ ਦੀ ਚਾਰਾਜ਼ੋਈ ਕਰ ਰਹੀ ਹੈ। ਉਥੇ ਮੌਜੂਦ ਭਾਰਤੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਖੁਸ਼ ਹਨ ਕਿ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀ ਸੁਰੱਖਿਅਤ ਹਨ ਅਤੇ ਆਪਣੇ ਘਰ ਜਾਣ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਫਿਕਰ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ ਸਗੋਂ ਪੋਲੈਂਡ ਦੀਆਂ ਯੂਨੀਵਰਸਿਟੀਆਂ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਪੋਲੈਂਡ ਅਤੇ ਭਾਰਤ ਦੇ ਸਦੀਆਂ ਪੁਰਾਣੇ ਦੋਸਤੀ ਅਤੇ ਸਦਭਾਵਨਾ ਭਰੇ ਸਬੰਧ ਹਨ ਜਿਨ੍ਹਾਂ ਨੇ ਸਾਡੇ ਲੋਕਾਂ ਨੂੰ ਇਕਜੁੱਟ ਕੀਤਾ ਹੈ। ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪੋਲੈਂਡ ਦੀਆਂ ਯੂਨੀਵਰਸਿਟੀਆਂ ਯੂਕਰੇਨ ਵਿਚ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹਣਗੀਆਂ ਤਾਂ ਜੋ ਉਹ ਆਪਣੀ ਪੜ੍ਹਾਈ ਪੂਰੀ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਇਹ ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ ਹੈ। ਇਹ ਵੀ ਪੜ੍ਹੋ : ਨੌਜਵਾਨ ਨੇ ਨਵਵਿਆਹੁਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ