ਦਫ਼ਤਰਾਂ 'ਚ ਵਿਧਾਇਕ ਦੀ ਬੇਲੋੜੀ ਦਖ਼ਲਅੰਦਾਜ਼ੀ ਨਹੀਂ ਹੋਵੇਗੀ ਬਰਦਾਸ਼ਤ : ਜੁਆਇੰਟ ਐਕਸ਼ਨ ਕਮੇਟੀ
ਜਲੰਧਰ : ਜੁਆਇੰਟ ਐਕਸ਼ਨ ਕਮੇਟੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਚੱਲ ਰਹੀ ਹੈ। ਜੁਆਇੰਟ ਐਕਸ਼ਨ ਕਮੇਟੀ ਨੇ ਫੈਸਲਾ ਕੀਤਾ ਕਿ 22 ਜੁਲਾਈ ਨੂੰ ਜਲੰਧਰ ਵੈਸਟ ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਡੀ.ਸੀ. ਦਫ਼ਤਰ ਜਲੰਧਰ ਵਿਖੇ ਜਾ ਕੇ ਚੈਕਿੰਗ ਦੇ ਬਹਾਨੇ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਗੈਰ ਜ਼ਿੰਮੇਵਾਰ ਤੇ ਬਦਸਲੂਕੀ ਵਾਲਾ ਵਤੀਰਾ ਕੀਤਾ ਗਿਆ ਹੈ। ਇਸ ਨੂੰ ਲੈ ਕੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਜੀਤ ਸਿੰਘ, ਪ੍ਰਧਾਨ ਜੁਆਇੰਟ ਐਕਸ਼ਨ ਕਮੇਟੀ ਤੇ ਤੇਜਿੰਦਰ ਸਿੰਘ ਨੰਗਲ ਜਨਰਲ ਸਕੱਤਰ ਨੇ ਦੱਸਿਆ ਕਿ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮਾਂ ਉਤੇ ਬਿਨਾਂ ਕਿਸੇ ਸਬੂਤ ਦੇ ਕੁਰੱਪਸ਼ਨ ਦੇ ਦੋਸ਼ ਲਗਾਏ ਗਏ ਹਨ ਜਿਸ ਸਬੰਧੀ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਸੋਮਵਾਰ 25 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰਦੇ ਹੋਏ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਹਿਯੋਗ ਦੀ ਮੰਗ ਕੀਤੀ ਹੈ। ਜਿਸ ਉਤੇ ਜੁਆਇੰਟ ਐਕਸ਼ਨ ਕਮੇਟੀ ਦੇ ਸਾਰੇ ਅਹੁਦੇਦਾਰਾਂ ਵੱਲੋਂ ਸੋਮਵਾਰ ਨੂੰ ਸਹਿਕਾਰਤਾ ਭਵਨ ਵਿਖੇ ਇਕੱਠੇ ਹੋਣ ਉਪਰੰਤ ਬਾਈਕ ਰੈਲੀ ਕਰ ਕੇ ਵਿਧਾਇਕ ਸ਼ੀਤਲ ਅੰਗੂਰਾਲ ਦਾ ਪੁਤਲਾ ਸ਼ਹਿਰ ਵਿੱਚ ਘੁਮਾ ਕੇ ਡੀਸੀ ਦਫ਼ਤਰ ਦੇ ਬਾਹਰ ਫੂਕੇ ਜਾਣ ਦਾ ਫ਼ੈਸਲਾ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਇਹ ਮੰਗ ਕੀਤੀ ਜਾਂਦੀ ਹੈ ਕਿ ਇਸ ਸਾਰੀ ਕਾਰਵਾਈ ਵਿੱਚ ਸ਼ਾਮਿਲ ਜ਼ਿੰਮੇਵਾਰ ਵਿਅਕਤੀਆਂ, ਝੂਠੀਆਂ ਖ਼ਬਰਾਂ ਲਗਾਉਣ ਵਾਲੇ ਮੀਡੀਆ ਕਰਮੀਆਂ, ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਧਮਕਾਉਣ ਲਈ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਵਾਇਆ ਜਾਵੇ। ਜੇਕਰ ਪ੍ਰਸ਼ਾਸਨ ਵੱਲੋਂ ਫਿਰ ਵੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਾਝੇ ਤੌਰ ਉਤੇ ਸ਼ੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਹੋਵੇਗੀ। ਇਹ ਵੀ ਪੜ੍ਹੋ : ਥਰਮਲ ਪਲਾਂਟ ਰੂਪਨਗਰ 'ਚ ਤਿੰਨ ਮੁਲਾਜ਼ਮ ਬੁਰੀ ਤਰ੍ਹਾਂ ਝੁਲਸੇ