ਵਿਜੀਲੈਂਸ ਨੇ ਇੰਸਪੈਕਟਰ ਲੀਗਲ ਮੈਟਰੋਲੋਜੀ ਨੂੰ 9,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਬਠਿੰਡਾ, 3 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਠਿੰਡਾ ਵਿਖੇ ਤਾਇਨਾਤ ਇਕ ਇੰਸਪੈਕਟਰ ਲੀਗਲ ਮੈਟਰੋਲੋਜੀ (ਵਜ਼ਨ ਅਤੇ ਮਾਪ) ਕਵਿੰਦਰ ਸਿੰਘ ਨੂੰ 9000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਵਿੰਦਰ ਸਿੰਘ ਨੂੰ ਅਕਾਲ ਪਰਿਵਾਰ ਪੈਟਰੋਲ ਪੰਪ ਬਠਿੰਡਾ ਦੇ ਮਾਲਕ ਕੰਵਰ ਯਾਦਵਿੰਦਰ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਲੀਗਲ ਮੈਟਰੋਲੋਜੀ 10 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਉਸਨੇ ਕਿਹਾ ਕਿ ਮੁਲਜ਼ਮ ਨੇ 9,000 ਰੁਪਏ ਸਾਲਾਨਾ ਵਜ਼ਨ ਅਤੇ ਮਾਪ ਨਿਰੀਖਣ ਸਬੰਧੀ ਪੈਟਰੋਲ ਪੰਪ 'ਤੇ ਮਸ਼ੀਨਾਂ ਦੀ ਸਟੈਂਪਿੰਗ ਬਣਾਉਣ ਬਦਲੇ ਰਿਸ਼ਵਤ ਵਜੋਂ ਲਏ ਹਨ। ਇਸ ਤੋਂ ਇਲਾਵਾ ਮੁਲਜ਼ਮ ਨੇ ਪੰਪ ਦੇ ਕਰਮਚਾਰੀ ਨੂੰ ਆਪਣੀ ਗੱਡੀ ਵਿੱਚ 15 ਲੀਟਰ ਪੈਟਰੋਲ ਭਰਨ ਲਈ ਕਿਹਾ ਪਰ ਉਸ ਲਈ ਕੋਈ ਰਕਮ ਅਦਾ ਨਹੀਂ ਕੀਤੀ। ਵਿਭਾਗ ਨੇ ਸੂਚਨਾ ਦੀ ਪੜਤਾਲ ਕਰਨ ਤੋਂ ਬਾਅਦ ਬਠਿੰਡਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਪਰੋਕਤ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 9,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ, ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। -PTC News