ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਆਰੰਭੀ ਜਾਂਚ
ਬਠਿੰਡਾ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਵਿਜੀਲੈਂਸ ਬਿਊਰੋ ਦੀ ਰਡਾਰ ਉਤੇ ਹਨ। ਮਨਪ੍ਰੀਤ ਉਤੇ ਕਣਕ ਤੇ ਚੌਲਾਂ ਦੀ ਢੋਆ-ਢੁਆਈ ਵਿੱਚ ਜਾਅਲੀ ਕੰਪਨੀਆਂ ਬਣਾ ਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਣ ਦਾ ਦੋਸ਼ ਹੈ। ਇਹ ਦੋਸ਼ ਬਠਿੰਡਾ ਦੇ ਸਾਬਕਾ ਵਿਧਾਇਕ ਭਾਜਪਾ ਨੇਤਾ ਸਰੂਪ ਚੰਦ ਸਿੰਗਲਾ ਨੇ ਲਗਾਏ ਸਨ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਫੂਡ ਅਤੇ ਸਿਵਲ ਸਪਲਾਈ ਵਿਭਾਗ ਨੇ ਇਸ ਨਾਲ ਜੁੜਿਆ ਰਿਕਾਰਡ ਮੰਗ ਲਿਆ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਦੇ CM ਭਗਵੰਤ ਮਾਨ ਨੂੰ ਮਨਪ੍ਰੀਤ ਬਾਦਲ ਹੀ ਸਿਆਸਤ ਵਿੱਚ ਲਿਆਏ ਸਨ। ਮਨਪ੍ਰੀਤ ਸਿੰਘ ਬਾਦਲ ਦੀ ਪੀਪਲਜ਼ ਪਾਰਟੀ ਆਫ ਪੰਜਾਬ ਤੋਂ ਹੀ ਭਗਵੰਤ ਮਾਨ ਨੇ ਪਹਿਲੀ ਚੋਣ ਲੜੀ ਸੀ। ਇਸ ਤੋਂ ਬਾਅਦ ਮਨਪ੍ਰੀਤ ਕਾਂਗਰਸ ਤੇ ਮਾਨ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਸਨ। ਢੋਆ-ਢੁਆਈ ਦੇ ਟੈਂਡਰਾਂ ਵਿਚ ਹੇਰਾਫੇਰੀ ਕਰਨ ਦੀ ਮਿਲੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਗ੍ਰਾਂਟਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ ’ਚ ਉਨ੍ਹਾਂ ਦੇ ਸਾਬਕਾ ਓਐੱਸਡੀ ਵੀ ਘਿਰ ਗਏ ਹਨ। ਸਿੰਗਲਾ ਨੇ ਸ਼ਿਕਾਇਤ ਵਿਚ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਾਬਕਾ ਵਿੱਤ ਮੰਤਰੀ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਟੈਂਡਰ ਹਾਸਲ ਕੀਤੇ ਤੇ ਫ਼ਰਜ਼ੀ ਟਰੱਕਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਸਹਾਰੇ ਕਰੋੜਾਂ ਰੁਪਏ ਵਸੂਲ ਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਹੈ। ਇਹ ਵੀ ਪੜ੍ਹੋ : CM ਨੇ ਟਾਟਾ ਸਟੀਲ ਗਰੁੱਪ ਨੂੰ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ ਉਨ੍ਹਾਂ ਸ਼ਿਕਾਇਤ 'ਚ ਕਿਹਾ ਕਿ ਢੋਆ ਢੁਆਈ ਦੇ ਟੈਂਡਰ ਲੈਣ ਲਈ ਫਾਰਮ ਕੋਲ ਟਰੱਕਾਂ ਦਾ ਹੋਣਾ ਜ਼ਰੂਰੀ ਹੈ ਪਰ ਵਿੱਤ ਮੰਤਰੀ ਨੇ ਆਪਣੇ ਚਹੇਤੇ ਡਰਾਈਵਰਾਂ ਤੇ ਸੁਰੱਖਿਆ ਕਰਮੀਆਂ ਦੇ ਨਾਮ ਉਤੇ ਟੈਂਡਰ ਜਾਰੀ ਕਰਵਾਏ ਹਨ। ਸਾਬਕਾ ਵਿਧਾਇਕ ਵੱਲੋਂ ਤਿੰਨ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਨੂੰ ਦਿੱਤੀ ਸ਼ਿਕਾਇਤ ਉਤੇ ਹੁਣ ਜਾਂਚ ਸ਼ੁਰੂ ਹੋ ਗਈ ਹੈ। ਵਿਜੀਲੈਂਸ ਵਿਭਾਗ ਨੇ ਟੈਂਡਰ ਘਪਲੇ ਦੇ ਮਾਮਲੇ ਵਿੱਚ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਰਿਕਾਰਡ ਤਲਬ ਕੀਤਾ ਹੈ। ਦੂਜੇ ਪਾਸੇ ਸਾਬਕਾ ਵਿੱਤ ਮੰਤਰੀ ਦੇ ਸਾਬਕਾ ਓਐੱਸਡੀ ਜਗਤਾਰ ਸਿੰਘ ਢਿੱਲੋਂ ਨੇ ਉਨ੍ਹਾਂ ਉਪਰ ਲਾਏ ਦੋਸ਼ਾਂ ਨੂੰ ਝੂਠੇ ਤੇ ਬੇਬੁਨਿਆਦ ਦੱਸਿਆ ਹੈ। -PTC News