ਵਿਜੀਲੈਂਸ ਨੇ ਰਵਨੀਤ ਬਿੱਟੂ ਦੇ ਖਿਲਾਫ਼ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ
ਲੁਧਿਆਣਾ: ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਸਮੇਂ ਵਿਜੀਲੈਂਸ ਅਧਿਕਾਰੀਆਂ ਨਾਲ ਉਲਝਣ ਵਾਲੇ ਸਾਂਸਦ ਰਵਨੀਤ ਸਿੰਘ ਬਿੱਟੂ ਖਿਲਾਫ਼ ਕਾਰਵਾਈ ਲਈ ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬਿੱਟੂ ਵੱਲੋਂ ਕਥਿਤ ਤੌਰ ਤੇ ਵਿਜੀਲੈਂਸ ਅਧਿਕਾਰੀਆਂ ਨਾਲ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਹੈ ਅਤੇ ਅੱਧਾ ਘੰਟਾ ਦੇ ਕਰੀਬ ਵਿਚ ਅਧਿਕਾਰੀਆਂ ਨੂੰ ਸਲੂਣ ਵਿੱਚ ਰੋਕੀ ਰੱਖਿਆ। ਦੱਸ ਦੇਈਏ ਕਿ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। ਵਿਜੀਲੈਂਸ ਦੇ ਅਧਿਕਾਰੀਆਂ ਨੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਨਾਲ ਸਬੰਧਿਤ ਟੈਂਡਰ ਦੇ ਘੁਟਾਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਨੂੰ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਬਿਓਰੋ ਨੇ ਪਹਿਲਾਂ ਹੀ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਮਿਤੀ 16 .8.2022 ਨੂੰ ਐਫਆਈਆਰ ਨੰਬਰ 11 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਹੋਇਆ ਹੈ, ਜਿਸ ਵਿੱਚ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ ਅਤੇ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਗੀਦਾਰਾਂ ‘ਦੇ ਨਾਮ ਸ਼ਾਮਿਲ ਹਨ। ਇਹ ਵੀ ਪੜ੍ਹੋ:ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ -PTC News