ਵਿਜੀਲੈਂਸ ਨੇ MLA ਪਾਹੜਾ ਸਮੇਤ 8 ਲੋਕਾਂ ਦੇ ਖਾਤਿਆਂ ਦੀ ਮੰਗੀ ਜਾਣਕਾਰੀ
ਗੁਰਦਾਸਪੁਰ : ਸੋਸ਼ਲ ਮੀਡੀਆ ਉੱਤੇ ਇਕ ਪੱਤਰ ਖੂਬ ਵਾਇਰਲ ਹੋ ਰਿਹਾ ਹੈ। ਪੱਤਰ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਨੇ ਲੀਡ ਬੈਂਕ ਗੁਰਦਾਸਪੁਰ ਦੇ ਮੈਨੇਜਰ ਨੂੰ ਪੱਤਰ ਜਾਰੀ ਕਰ ਕੇ ਇਲਾਕੇ ਦੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਉਨ੍ਹਾਂ ਦੇ ਪਰਿਵਾਰ ਸਮੇਤ ਅੱਠ ਵਿਅਕਤੀਆਂ ਦੇ ਖਾਤਿਆਂ ਦੀ ਜਾਣਕਾਰੀ ਮੰਗੀ ਹੈ। ਉਧਰ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਪੱਤਰ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ ਉਨ੍ਹਾਂ ਨੇ ਇੰਟਰਨੈੱਟ ਮੀਡੀਆ 'ਤੇ ਵਾਇਰਲ ਹੋਈ ਪੋਸਟ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਉਨ੍ਹਾਂ ਨੇ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਹੈ। ਕਿਸੇ ਜਾਂਚ ਦਾ ਉਨ੍ਹਾਂ ਨੂੰ ਕੋਈ ਡਰ ਨਹੀਂ ਹੈ। ਨਾ ਹੀ ਉਨ੍ਹਾਂ ਨੂੰ ਉਕਤ ਪੱਤਰ ਸਬੰਧੀ ਫਿਲਹਾਲ ਕੋਈ ਜਾਣਕਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਇੰਟਰਨੈੱਟ 'ਤੇ ਇਕ ਪੱਤਰ ਵਾਇਰਲ ਹੋ ਰਿਹਾ ਹੈ, ਜਿਸ ਵਿਚ ਵਿਜੀਲੈਂਸ ਬਿਊਰੋ ਨੇ ਲੀਡ ਬੈਂਕ ਮੈਨੇਜਰ ਗੁਰਦਾਸਪੁਰ ਨੂੰ ਪੱਤਰ ਜਾਰੀ ਕਰ ਕੇ ਵਿਜੀਲੈਂਸ ਜਾਂਚ ਲਈ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਉਨ੍ਹਾਂ ਦੇ ਭਰਾ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਸਮੇਤ ਹੋਰ ਪਰਿਵਾਰਕ ਮੈਂਬਰਾਂ ਤੇ ਕੁਝ ਬਾਹਰੀ ਵਿਅਕਤੀਆਂ ਦੇ ਬੈਂਕ ਖਾਤਿਆਂ, ਕਰਜ਼ਿਆਂ ਤੇ ਲਾਕਰਾਂ ਨਾਲ ਸਬੰਧਤ ਜਾਣਕਾਰੀ ਜਲਦ ਤੋਂ ਜਲਦ ਮੁਹੱਈਆ ਕਰਵਾਉਣ ਲਈ ਕਿਹਾ ਹੈ। ਉਧਰ ਪੁਲਿਸ ਦਾ ਕਹਿਣਾ ਹੈ ਕਿ ਵਾਇਰਲ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ:ਪੰਜਾਬ ਭਰ 'ਚ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਕੀਤੇ ਦਹਿਨ -PTC News