Weather Updates: ਦੋ ਦਿਨ ਭਾਰੀ ਮੀਂਹ ਤੋਂ ਬਾਅਦ ਮੌਸਮ ਹੋਇਆ ਸਾਫ਼, ਜਾਣੋ ਆਪਣੇ ਸ਼ਹਿਰ ਦੇ ਹਾਲ
Weather Update Today: ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਤੋਂ ਲੈ ਕੇ ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹਰਿਆਣਾ ਵਰਗੇ ਸੂਬਿਆਂ ਤੱਕ ਸੜਕਾਂ ਦੇ ਪਾਣੀ ਖੜ੍ਹੇ ਹੋਣ ਵਾਲੇ ਹਾਲਾਤ ਦੇਖਣ ਨੂੰ ਮਿਲੇ। ਭਾਰਤੀ ਮੌਸਮ ਵਿਭਾਗ ਨੇ ਦੇਸ਼ ਵਿੱਚ ਕੁਝ ਦਿਨਾਂ ਤੱਕ ਮੀਂਹ ਜਾਰੀ ਰਹਿਣ ਦੀ ਗੱਲ ਕਹੀ ਹੈ। ਹਾਲਾਂਕਿ ਪੰਜਾਬ, ਚੰਡੀਗੜ੍ਹ ਤੇ ਦਿੱਲੀ ਵਿੱਚ ਲੋਕਾਂ ਨੂੰ ਮੌਸਮ ਤੋਂ ਕੁਝ ਰਾਹਤ ਮਿਲੇਗੀ। ਪਿਛਲੇ ਕੁਝ ਦਿਨਾਂ ਤੋਂ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਤੋਂ ਮਾਨਸੂਨੀ ਬੱਦਲੀ ਹੈ। ਐਤਵਾਰ ਤੋਂ ਇੱਥੇ ਮੌਸਮ ਸਾਫ਼ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੰਗਲਵਾਰ ਤੱਕ ਦਿੱਲੀ-ਐਨਸੀਆਰ ਵਿੱਚ ਅਸਮਾਨ ਪੂਰੀ ਤਰ੍ਹਾਂ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਉੱਤਰ-ਪੂਰਬ ਵਿੱਚ ਭਾਰੀ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਆਈਐਮਡੀ ਮੁਤਾਬਕ ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਹ ਵੀ ਪੜ੍ਹੋ : 'ਆਪ' ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਚੰਡੀਗੜ੍ਹ ਪੁਲਿਸ ਨੇ ਕੱਟਿਆ ਚਾਲਾਨ ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ 'ਚ ਅੱਜ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 48 ਘੰਟਿਆਂ ਵਿੱਚ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਓਡੀਸ਼ਾ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ। ਪੰਜਾਬ ਵਿਚ ਮੀਂਹ ਦੀ ਕੋਈ ਵੀ ਪੇਸ਼ਨਗੋਈ ਨਹੀਂ ਹੈ। ਤੜਕਸਾਰ ਹੀ ਆਮ ਦਿਨਾਂ ਵਾਂਗ ਸੂਰਜ ਦੀ ਟਿੱਕੀ ਵਿਖਾਈ ਦਿੱਤੀ ਜਿਸ ਨਾਲ ਲੋਕਾਂ ਨੇ ਕੁਝ ਸੁੱਖ ਦਾ ਸਾਹ ਲਿਆ, ਕਿਉਂਕਿ ਬੀਤੇ ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਸੀ ਇਸ ਤੋਂ ਇਲਾਵਾ ਸ਼ਹਿਰਾਂ ਤੇ ਪਿੰਡਾਂ ਵਿੱਚ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ। -PTC News