ਕਿੱਥੇ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਕਿਹੜੇ ਸੂਬੇ 'ਚ ਪਵੇਗਾ ਮੀਂਹ
ਚੰਡੀਗੜ੍ਹ: ਉੱਤਰੀ ਭਾਰਤ ਵਿੱਚ ਤੇਜ਼ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਢ ਅਤੇ ਧੁੰਦ ਤੋਂ ਰਾਹਤ ਮਿਲੀ ਹੈ। ਮੌਸਮ ਬਿਲਕੁੱਲ ਸਾਫ਼ ਹੋਣ ਕਾਰਨ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਕਈ ਥਾਵਾਂ ਉੱਤੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਪੱਛਮ ਤੋਂ ਤੇਜ਼ ਹਵਾ ਸ਼ੁਰੂ ਹੋ ਗਈ ਹੈ, ਜਿਸ ਕਾਰਨ ਮੀਂਹ ਅਤੇ ਬਰਫਬਾਰੀ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਮੌਸਮ ਇਵੇਂ ਹੀ ਬਣਿਆ ਰਹੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 22 ਫਰਵਰੀ ਨੂੰ ਪੰਜਾਬ, ਹਰਿਆਣਾ, ਹਿਮਾਚਲ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 19 ਅਤੇ 20 ਫਰਵਰੀ ਨੂੰ ਦਿੱਲੀ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਅਤੇ 17 ਤੋਂ 20 ਫਰਵਰੀ ਦਰਮਿਆਨ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਫਿਰ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਥੇ ਹੀ ਰਾਜਸਥਾਨ ਵਿੱਚ 21-22 ਫਰਵਰੀ ਨੂੰ ਹਲਕਾ ਜਿਹਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ 19 ਫਰਵਰੀ ਨੂੰ ਦਿੱਲੀ ਦੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਮੌਸਮ ਫਿਰ ਤੋਂ ਕਰਵਟ ਲਵੇਗਾ ਅਤੇ 20-22 ਫਰਵਰੀ ਤੱਕ ਮੀਂਹ ਪੈ ਸਕਦਾ ਹੈ। ਦੱਖਣੀ ਤਾਮਿਲਨਾਡੂ ਤੋਂ ਇਲਾਵਾ ਕੇਰਲ ਅਤੇ ਲਕਸ਼ਦੀਪ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਵੀ ਪੜ੍ਹੋ:ਹਰਿਆਣਾ ਸਰਕਾਰ ਨੇ ਕੋਰੋਨਾ ਦੀਆਂ ਸਾਰੀਆਂ ਹਟਾਈਆਂ ਪਾਬੰਦੀਆਂ -PTC News