ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਨੌਜਵਾਨ ਦੀ ਕੁੱਟਮਾਰ, ਜੇਲ੍ਹ 'ਚੋਂ ਵੀਡੀਓ ਹੋਈ ਵਾਇਰਲ
ਅੰਮ੍ਰਿਤਸਰ : ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਦੀ ਵਾਇਰਲ ਹੋਈ ਵੀਡੀਓ ਨਾਲ ਜੇਲ੍ਹ ਪ੍ਰਸ਼ਾਸਨ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ। ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਅੰਦਰੋਂ ਹੀ ਇਹ ਵੀਡੀਓ ਵਾਇਰਲ ਹੋਈ। ਸੋਸ਼ਲ ਮੀਡੀਆ ਉਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਰਿਵਾਰ ਇਨਸਾਫ਼ ਲਈ ਅਦਾਲਤ ਵਿੱਚ ਪੁੱਜ ਚੁੱਕਾ ਹੈ। ਪਰਿਵਾਰਕ ਮੈਂਬਰ ਨੇ ਜੇਲ੍ਹ ਵਿੱਚ ਨੌਜਵਾਨ ਦੀ ਕੁੱਟਮਾਰ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ ਤੇ ਅਦਾਲਤ ਤੋਂ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਸਭ ਦੇ ਵਿਚਕਾਰ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਜੇਲ੍ਹਾਂ ਵਿੱਚ ਅਜਿਹੀਆਂ ਵਾਰਦਾਤਾਂ ਕਿਉਂ ਵਾਪਰ ਰਹੀਆਂ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਕਿਸ ਤਰ੍ਹਾਂ ਪੁੱਜਦੇ ਹਨ। ਇਹ ਪੰਜਾਬ ਸਰਕਾਰ ਲਈ ਵੱਡਾ ਸਵਾਲ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚ ਵੀਆਈਪੀ ਕਲਚਰ ਖ਼ਤਮ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਬਾਵਜੂਦ ਜੇਲ੍ਹਾਂ 'ਚੋਂ ਕੁੱਟਮਾਰ ਤੇ ਫਿਰ ਵੀਡੀਓ ਵਾਇਰਲ ਹੋ ਰਹੀਆਂ ਹਨ ਜੋ ਕਿ ਜੇਲ੍ਹ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਹੈ। ਕਾਬਿਲਗੌਰ ਹੈ ਕਿ ਕੁਝ ਦਿਨ ਪਹਿਲਾਂ ਲੁਧਿਆਣਾ ਜੇਲ੍ਹ ਵਿੱਚ ਮੁਲਾਜ਼ਮਾਂ ਉਤੇ ਇਕ ਕੈਦੀ ਉਪਰ ਤਸ਼ੱਦਦ ਢਾਹੇ ਜਾਣ ਦੇ ਦੋਸ਼ ਲਗਾਏ ਗਏ ਸਨ। ਕੈਦੀ ਜੇਲ੍ਹ ਵਿੱਚ ਪੀਲੀਆ ਤੋਂ ਪੀੜਤ ਹੈ ਜਿਸ ਕਾਰਨ ਉਸ ਦੀ ਹਾਲਤ ਕਾਫ਼ੀ ਖ਼ਰਾਬ ਸੀ। ਨੌਜਵਾਨ ਦੇ ਵਕੀਲ ਨੇ ਉਸ ਨੂੰ ਹਸਪਤਾਲ ਲਿਜਾਣ ਦੀ ਅਪੀਲ ਕੀਤੀ ਸੀ। ਕੈਦੀ ਨੇ ਜੇਲ੍ਹ ਵਿੱਚ ਵੀਡੀਓ ਬਣਾ ਕੇ ਜੇਲ੍ਹ ਪ੍ਰਸ਼ਾਸਨ ਉਤੇ ਗੰਭੀਰ ਇਲਜ਼ਾਮ ਲਗਾਏ ਸਨ। ਵੀਡੀਓ ਵਿੱਚ ਕੈਦੀ ਸੱਟਾਂ ਦਾ ਨਿਸ਼ਾਨ ਦਿਖਾਉਂਦਾ ਹੋਇਆ ਜੇਲ੍ਹ ਪ੍ਰਸ਼ਾਸਨ ਉਤੇ ਦੋਸ਼ ਲਗਾ ਰਿਹਾ ਸੀ। ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਸਨ ਕਿ ਕੈਦੀ ਨੂੰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਜਾਵੇ। ਕੈਦੀ ਨੇ ਦੋਸ਼ ਲਗਾਏ ਕੇ ਜੇਲ੍ਹ ਦੇ ਮੁਲਾਜ਼ਮਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਹ ਵੀ ਪੜ੍ਹੋ : ਲਹਿਰਾ ਮੁਹੱਬਤ ਦੇ ਥਰਮਲ ਪਲਾਂਟ 'ਚ ਵੱਡਾ ਧਮਾਕਾ, ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ