ਮਜੀਠੀਆ ਵਿਰੁੱਧ ਦਰਜ ਕੀਤੇ ਪਰਚੇ ਖ਼ਿਲਾਫ਼ ਯੂਥ ਅਕਾਲੀ ਦਲ ਨੇ ਮੁੱਖ ਮੰਤਰੀ ਚੰਨੀ ਤੇ ਸਿੱਧੂ ਦਾ ਸਾੜਿਆ ਪੁਤਲਾ
ਗੁਰਦਾਸਪੁਰ: ਡਰੱਗ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਕੀਤੀ ਗਈ ਆਫ ਆਈ ਆਰ ਦੇ ਰੋਸ ਵਜੋਂ ਯੂਥ ਅਕਾਲੀ ਦਲ ਗੁਰਦਾਸਪੁਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਦੱਸ ਦੇਈਏ ਕਿ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਦੀ ਬੀਤੇ ਦਿਨ ਹੋਈ ਮੀਟਿੰਗ ਵਿੱਚ ਲਏ ਫੈਸਲੇ ਤਹਿਤ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ ਤੇ ਰੋਸ ਮਾਰਚ ਕੱਢੇ ਗਏ। ਇਹ ਰੋਸ ਪ੍ਰਦਰਸ਼ਨ ਗੁਰਦਾਸਪੁਰ ਦੇ ਗੁਰੂ ਨਾਨਕ ਪਾਰਕ ਤੋਂ ਸ਼ੁਰੂ ਕਰਕੇ ਵੱਖ ਵੱਖ ਬਜ਼ਾਰਾਂ ਚੋਂ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਦਫਤਰ ਗੁਰਦਾਸਪੁਰ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਯੂਥ ਆਗੂਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਗਵਰਨਰ ਦੇ ਨਾਮ ਮੰਗ ਪੱਤਰ ਸੌਂਪਿਆ। ਇਸ ਦੇ ਨਾਲ ਹੀ ਸਰਕਾਰ ਖ਼ਿਲਾਫ਼ ਪੁਤਲਾ ਫੂਕ ਕੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਦੂਜੇ ਪਾਸੇ ਇਸ ਉਪਰੰਤ ਪੰਜਾਬ ਦੇ ਰਾਜਪਾਲ ਦੇ ਨਾਂ ਦਾ ਮੈਮੋਰੰਡਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਦਿੱਤਾ ਗਿਆ। ਇਸ ਵਿੱਚ ਮੰਗ ਕੀਤੀ ਗਈ ਕਿ ਮਜੀਠੀਆ ਖਿਲਾਫ ਦਰਜ ਕੀਤਾ ਪਰਚਾ ਰੱਦ ਕੀਤਾ ਜਾਵੇ। ਇਸ ਗੈਰ ਕਾਨੂੰਨੀ ਤਰੀਕੇ ਨਾਲ ਸਰਕਾਰੀ ਤੰਤਰ ਦੀ ਵਰਤੋਂ ਕਰਨ ਦੀ ਮੌਜੂਦਾ ਕਾਂਗਰਸ ਸਰਕਾਰ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਅਫਸਰਾਂ ਦੀ ਇਨਕੁਆਰੀ ਕਰਕੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਅਕਾਲੀ ਲੀਡਰਾਂ ਨੇ ਕਿਹਾ ਕਿ ਇਹ ਕੇਸ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ਦਰਜ ਕੀਤਾ ਗਿਆ ਹੈ। ਇਹ ਬਿਲਕੁਲ ਸਿਆਸਤ ਤੋਂ ਪ੍ਰੇਰਿਤ ਗਿਣੀ ਮਿੱਥੀ ਸਾਜ਼ਿਸ਼ ਹੈ। ਯੂਥ ਅਕਾਲੀ ਦਲ ਬਿਕਰਮ ਮਜੀਠੀਆ ਨਾਲ ਡਟ ਕੇ ਖੜ੍ਹਾ ਹੈ ਤੇ ਸਰਕਾਰ ਦੀ ਹਰ ਤਰੀਕੇ ਦੀ ਸਿਆਸੀ ਰੰਜਿਸ਼ੀ ਕਾਰਵਾਈ ਦਾ ਵਿਰੋਧ ਕਰੇਗਾ। -PTC News